Punjab

ਕਿਸਾਨਾ ਨੂੰ ਮੂੰਗੀ ਦੀ ਫਸਲ ‘ਤੇ ਮਿਲੇਗੀ ਐਮਐਸਪੀ : ਭਗਵੰਤ ਮਾਨ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਕਿਸਾਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਸਾਨਾ ਨੂੰ ਸੰਬੋਧਨ ਕਰਦਿਆਂ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਸੂਬੇ ਵਿੱਚ ਖੇਤੀ ਸੁਧਾਰਾਂ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਕਣਕ ਤੇ ਝੋਨੇ ਦੀ ਫ਼ਸਲ ਦੇ ਨਾਲ ਹੁਣ 55 ਦਿਨ ਵਿੱਚ ਤਿਆਰ ਹੋਣ ਵਾਲੀ ਮੂੰਗੀ ਦੀ ਫ਼ਸਲ ਵੀ ਬੀਜਣ, ਜਿਸ ’ਤੇ ਸਰਕਾਰ ਐਮਐਸਪੀ ਦੇਵੇਗੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਕਿਹਾ ਕਿ  ਝੋਨੇ ਦੀ 126 ਕਿਸਮ ਅਤੇ ਬਾਸਮਤੀ ਕਿਸਾਨ ਲਾ ਸਕਦੇ ਨੇ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਬਾਸਮਤੀ ‘ਤੇ ਵੀ ਐਮਐਸਪੀ ਦੇਵੇਗੀ।  

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਤੇ ਜ਼ਮੀਨ ਤਿੰਨੇ ਹੀ ਪ੍ਰਦੂਸ਼ਿਤ ਹਨ, ਜਿਨ੍ਹਾਂ ਨੂੰ ਠੀਕ ਕਰਨ ਦਾ ਸਮਾਂ ਆ ਗਿਆ ਹੈ ਤੇ ਇਹ ਤਾਂ ਹੀ ਠੀਕ ਹੋਵੇਗੀ, ਜੇਕਰ  ਸਾਰੇ ਮਿਲ ਕੇ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਦਾ ਚੱਕਰ ਬਦਲਣ, ਜਿਸ ਲਈ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਜਲਦੀ ਤਿਆਰ ਹੋ ਜਾਂਦੀ ਹੈ, ਇਸ ਲਈ ਕਿਸਾਨ ਮੂੰਗੀ ਦੀ ਫ਼ਸਲ ਬੀਜਣੀ ਸ਼ੁਰੂ ਕਰਨ।

ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵੱਲੋਂ ਸੱਤਾ ਵਿੱਚ ਆ ਕੇ ਆਪਣੇ ਨਿੱਜੀ ਜਰੂਰਤਾਂ ਲਈ ਹੀ ਫ਼ੈਸਲੇ ਲਏ ਗਏ ਸਨ ਪਰ ਹੁਣ ਉਨ੍ਹਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਉਂਦਿਆਂ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਭਲਾਈ ਲਈ ਕਈ ਵੱਡੇ ਫ਼ੈਸਲੇ ਲਏ ਜਾਣਗੇ।