India Punjab

ਹਰਿਆਣਾ ਨੂੰ ਜ਼ਮੀਨ ਦੇਣ ਦੇ ਮਾਮਲੇ ’ਚ ਬੋਲੇ ਰਾਜਪਾਲ – ‘ਚੰਡੀਗੜ੍ਹ ’ਚ ਅਲਾਟ ਨਹੀਂ ਹੋਈ ਜ਼ਮੀਨ’

ਬਿਉਰੋ ਰਿਪੋਰਟ: ਹਰਿਆਣਾ ਦੀ ਨਵੀਂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਰਾਜਪਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ।

ਰਾਜਪਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਇੱਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ। ਰਾਜਪਾਲ ਕਟਾਰੀਆ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ’ਚ ਹਿੱਸਾ ਲੈਣ ਲਈ ਪੁੱਜੇ ਸਨ। ਉਨ੍ਹਾਂ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ।

ਯਾਦ ਰਹੇ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਵਿਧਾਨ ਸਭਾ ਭਵਨ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ।

ਵਿੱਤ ਮੰਤਰੀ ਨੇ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ ’ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗ਼ਲਤ ਹੈ। ਇਹ ਪੰਜਾਬ ਦੇ 3 ਕਰੋੜ ਲੋਕਾਂ ਦੀਆਂ ਭਾਵਨਾਵਾਂ ਦੀ ਉਲੰਘਣਾ ਹੈ।

ਉਨ੍ਹਾਂ ਦੀ ਇਸ ਗੱਲ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ਤੇ ਪਲਟਵਾਰ ਕਰਦਿਆਂ ਇਸ ਨੂੰ ‘ਗੰਦੀ ਰਾਜਨੀਤੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਦਾ ਹਿੱਸਾ ਹੈ। ਚੰਡੀਗੜ੍ਹ ’ਤੇ ਵੀ ਹਰਿਆਣਾ ਦਾ ਹੱਕ ਹੈ।

ਸੀਐਮ ਸੈਣੀ ਨੇ ਕਿਹਾ ਸੀ ਕਿ ਅਸੀਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਕਿਉਂ ਨਹੀਂ ਬਣਾ ਸਕਦੇ? ਸੈਣੀ ਨੇ ਸਤਲੁਜ-ਯਮੁਨਾ ਲਿੰਕ (SYL) ਨਹਿਰੀ ਪਾਣੀ ਦਾ ਮੁੱਦਾ ਪੰਜਾਬ ਸਰਕਾਰ ਕੋਲ ਉਠਾਉਂਦਿਆਂ ਕਿਹਾ ਸੀ ਕਿ ਪੰਜਾਬ ਨੇ ਹਰਿਆਣਾ ਦਾ ਪਾਣੀ ਰੋਕ ਕੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਇਆ ਹੈ।