‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਫਸਲਾਂ ‘ਤੇ ਐੱਮਐੱਸਪੀ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ 113 ਫਸਲਾਂ ‘ਤੇ ਐੱਮਐੱਸਪੀ ਦੇਵੇਗੀ। ਕਿਸਾਨਾਂ ਵੱਲੋਂ ਕੇਂਦਰ ਤੋਂ ਐਮ.ਐਸ.ਪੀ. ਦੀ ਮੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਨਾਭਾ ਨੇ ਕਿਹਾ ਕਿ ਕਿਸਾਨੀ ਹਿੱਤਾਂ ਦੇ ਮੱਦੇਨਜ਼ਰ ਕੇਂਦਰ ਨੂੰ ਬਿਨਾਂ ਦੇਰੀ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਐਮ.ਐਸ.ਪੀ. ਨਹੀਂ ਐਲਾਨਦੀ ਤਾਂ ਪੰਜਾਬ ਸਰਕਾਰ ਵੱਲੋਂ 113 ਫਸਲਾਂ ‘ਤੇ ਐਮ.ਐਸ.ਪੀ. ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਵਾਜਬ ਮੰਗ ਵੱਲ ਕੇਂਦਰ ਨੂੰ ਪੂਰੀ ਸੁਹਿਰਦਤਾ ਨਾਲ ਧਿਆਨ ਦੇ ਕੇ ਤੁਰੰਤ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ।
ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ 157 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 122 ਹੋਰ ਅਜਿਹੇ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਜਲਦ ਨਿਯੁਕਤੀ ਪੱਤਰ ਦੇਣ ਲਈ ਕਾਰਵਾਈ ਵੱਡੇ ਪੱਧਰ ‘ਤੇ ਜਾਰੀ ਹੈ। ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਅਤੇ ਤਤਪਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਕਿਸਾਨ ਭਲਾਈ ਦੀਆਂ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ 34 ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ 122 ਹੋਰ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਾ ਮਾਮਲਾ ਵਿਚਾਰਿਆ ਗਿਆ ਅਤੇ ਇਸ ਕਾਰਜ ਨੂੰ ਆਉਂਦੇ ਸਮੇਂ ਵਿੱਚ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਸੂਬੇ ਦੇ ਖੇਤੀ ਖੇਤਰ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਸਬੰਧੀ ਪੁੱਛੇ ਜਾਣ ‘ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨੀ ਦੀ ਦਿਸ਼ਾ ਅਤੇ ਦਸ਼ਾ ਨੂੰ ਵਧੀਆ ਢੰਗ ਨਾਲ ਲੀਹ ‘ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਰੂਪ-ਰੇਖਾ ਉਲੀਕੀ ਜਾ ਰਹੀ ਹੈ, ਜਿਸ ਤਹਿਤ ਸੂਬੇ ਨੂੰ 6 ਜ਼ੋਨਾ ਵਿੱਚ ਵੰਡ ਕੇ ਖੇਤੀ ਖੇਤਰ ਦੀ ਕਾਇਆਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਤਕਨੀਕੀ ਪੱਖਾਂ ਦਾ ਯੁੱਗ ਹੈ ਅਤੇ ਖੇਤੀ ਖੇਤਰ ਵਿੱਚ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਕਿਸਾਨ ਅਤੇ ਕਿਸਾਨੀ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤੀ ਮਾਹਿਰਾਂ, ਸੰਸਥਾਵਾਂ ਅਤੇ ਪੀ.ਏ.ਯੂ. ਲੁਧਿਆਣਾ ਦੇ ਸਹਿਯੋਗ ਨਾਲ ਆਉਂਦੇ ਸਮਿਆਂ ਵਿੱਚ ਖੇਤੀ ਖੇਤਰ ਵਿੱਚ ਵੱਡੇ ਬਦਲਾਅ ਲਿਆਂਦੇ ਜਾਣਗੇ।
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਅਤੇ ਪੰਜਾਬ ਸਰਕਾਰ ਵੱਲੋਂ ਰਿਆਇਤ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਸਬੰਧੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਉਪਰਾਲਿਆਂ ਸਦਕਾ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 41 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਰਾਹੀਂ ਆਉਂਦੇ ਸਾਲਾਂ ਵਿੱਚ ਇਸ ਸਮੱਸਿਆ ਦਾ ਢੁੱਕਵਾਂ ਹੱਲ ਯਕੀਨੀ ਬਣਾ ਲਿਆ ਜਾਵੇਗਾ।
ਜਲੰਧਰ ਜ਼ਿਲ੍ਹੇ ਵਿੱਚ ਸਬਸਿਡੀ ‘ਤੇ ਦਿੱਤੀ ਜਾ ਰਹੀ ਮਸ਼ੀਨਰੀ ਬਾਰੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ 2021-22 ਤਹਿਤ ਕੁੱਲ 1 ਹਜ਼ਾਰ 451 ਕਿਸਾਨਾਂ ਨੇ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚੋਂ 1 ਹਜ਼ਾਰ 278 ਦੀ ਡਰਾਅ ਲਈ ਚੋਣ ਕੀਤੀ ਗਈ , ਜਿਨ੍ਹਾਂ ਵਿੱਚੋਂ 760 ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਉਪਰੰਤ 348 ਮਸ਼ੀਨਾਂ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ 259 ਅਤੇ ਅੱਜ 134 ਮਸ਼ੀਨਾਂ ਦੀ ਤਸਦੀਕ ਉਪਰੰਤ ਅਗਲੀ ਕਾਰਵਾਈ ਆਰੰਭੀ ਗਈ ਹੈ।