ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਤੇ ਪੁੱਤਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਪਿਛਲੇ ਦਿਨੀਂ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜੋ ਹਾਲੇ ਤਕ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਹੋਇਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਪਾਲ ਕੌਰ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਮਗਰੋਂ ਆਪਣੇ ਸੋਸ਼ਲ ਮੀਡੀਆ ਖ਼ਾਤੇ ’ਤੇ ਇੱਕ ਤਾਂ ਸਪਸ਼ਟ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ, ਨਾਲ ਹੀ ਉਨ੍ਹਾਂ ਨੂੰ ਸਖ਼ਤ ਸਬਦਾਂ ਵਿੱਚ ਚੇਤਾਵਨੀ ਵੀ ਦਿੱਤੀ ਹੈ ਕਿ ਬਗੈਰ ਅਸਤੀਫ਼ਾ ਮਨਜ਼ੂਰ ਹੋਏ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਕਰਕੇ ਉਨ੍ਹਾਂ ‘ਤੇ ਕਾਰਵਾਈ ਹੋ ਸਕਦੀ ਹੈ।
ਭਗਵੰਤ ਮਾਨ ਨੇ ਲਿਖਿਆ ਹੈ- ‘ਪਰਮਪਾਲ ਕੌਰ ਜੀ IAS ਅਫ਼ਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ, ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ, ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ, ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ!’
ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..
— Bhagwant Mann (@BhagwantMann) April 11, 2024
ਦੱਸ ਦੇਈਏ ਪਿਛਲੇ ਦਿਨੀਂ ਆਈਏਐਸ ਪਰਮਪਾਲ ਕੌਰ ਨੇ ਜਦੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਤਾਂ ਉਦੋਂ ਤੋਂ ਹੀ ਉਨ੍ਹਾਂ ਦੇ ਪਰਿਵਾਰ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੇ ਕਿਆਸ ਲਾਏ ਜਾ ਰਹੇ ਸੀ। ਅਸਤੀਫ਼ਾ ਦੇਣ ਮਗਰੋਂ ਦਿੱਲੀ ਵਿੱਚ ਭਾਜਪਾ ‘ਚ ਸ਼ਾਮਲ ਹੋਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਪਰ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਪ੍ਰਵਾਨ ਨਾ ਕੀਤੇ ਜਾਣ ਕਾਰਨ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ। ਅਸਤੀਫਾ ਮਨਜ਼ੂਰ ਹੋਣ ਤੱਕ ਉਹ ਸਿਆਸੀ ਪਾਰਟੀ ‘ਚ ਸ਼ਾਮਲ ਨਹੀਂ ਹੋ ਸਕਦੇ।
ਪਿਛਲੇ ਬੁੱਧਵਾਰ ਨੂੰ ਆਈਏਐਸ ਪਰਮਪਾਲ ਕੌਰ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰਮਪਾਲ ਕੌਰ ਨੂੰ 2015 ਵਿੱਚ PCS ਤੋਂ IAS ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ।