Punjab

ਪੰਜਾਬ ਸਰਕਾਰ ਦਾ ਨਵਾਂ ਫ਼ਰਮਾਨ! ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਵੀ ਹੁਣ ਹਰ ਮਹੀਨੇ ਦੇਣਾ ਵਿਕਾਸ ਟੈਕਸ

ਬਿਊਰੋ ਰਿਪੋਰਟ (ਚੰਡੀਗੜ੍ਹ, 6 ਫਰਵਰੀ 2026): ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸੂਬੇ ਵਿੱਚ ਠੇਕਾ ਅਧਾਰਿਤ ਕੰਮ ਕਰ ਰਹੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ ਹਰ ਮਹੀਨੇ 200 ਰੁਪਏ ਵਿਕਾਸ ਟੈਕਸ (Development Tax) ਕੱਟਣ ਦਾ ਫੈਸਲਾ ਕੀਤਾ ਹੈ। ਇਹ ਕਾਰਵਾਈ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਦੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ।

ਕਿਨ੍ਹਾਂ ਮੁਲਾਜ਼ਮਾਂ ਦੀ ਕੱਟੀ ਜਾਵੇਗੀ ਤਨਖਾਹ? 

ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ, ਇਹ ਟੈਕਸ ਸਿਰਫ਼ ਉਨ੍ਹਾਂ ਕੰਟਰੈਕਟ ਮੁਲਾਜ਼ਮਾਂ ’ਤੇ ਲਾਗੂ ਹੋਵੇਗਾ ਜਿਨ੍ਹਾਂ ਦੀ ਸਾਲਾਨਾ ਟੈਕਸਯੋਗ ਆਮਦਨ (Taxable Income) 2.50 ਲੱਖ ਰੁਪਏ ਤੋਂ ਜ਼ਿਆਦਾ ਹੈ। ਡਿਪਟੀ ਡਾਇਰੈਕਟਰ ਰੋਹਿਣੀ ਗੋਇਲ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੁਲਾਜ਼ਮਾਂ ਦੀ ਯੋਗਤਾ ਦੀ ਪੜਤਾਲ ਕਰਨ ਤੋਂ ਬਾਅਦ ਹੀ ਇਹ ਕਟੌਤੀ ਕੀਤੀ ਜਾਵੇਗੀ ਅਤੇ ਇਹ ਰਕਮ ਈ-ਚਲਾਨ ਰਾਹੀਂ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਹੋਵੇਗੀ।

ਸਿਹਤ ਵਿਭਾਗ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧੀਨ ਆਉਂਦੇ ਅਕਾਊਂਟ ਸੈਕਸ਼ਨ ਰਾਹੀਂ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨਾ ਯਕੀਨੀ ਬਣਾਉਣ।