Punjab

ਪੰਜਾਬ ਸਿਹਤ ਵਿਭਾਗ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਲੈਬੋਰੇਟਰੀਆਂ ਨੂੰ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੀਆਂ ਲੈਬੋਰੇਟਰੀਆਂ ਅਤੇ ਹਸਪਤਾਲਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦੇਣਾ ਲਾਜ਼ਮੀ ਕੀਤਾ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਸਿਹਤ ਕੇਂਦਰਾਂ ਨੂੰ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਦੀ ਆਗਿਆ ਦਿੱਤੀ ਗਈ ਹੈ। ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ, ਭਾਵੇਂ ਉਹ ਸ਼ੱਕੀ ਜਾਂ ਪੁਸ਼ਟੀ ਕੀਤਾ ਹੋਇਆ ਹੋਵੇ, ਉਸਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਸਰਕਾਰੀ ਅਤੇ ਨਿੱਜੀ, ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਤ ਜ਼ਿਲ੍ਹਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ।