‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਪਾਜ਼ੀਟਿਵ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਸੂਬੇ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦੀ ਸਪਲਾਈ ਕਰਨ ਲਈ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ ਪਰ ਫਿਰ ਵੀ ਸੂਬੇ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਨਾ ਹੋਣ ਕਰਕੇ ਮੌਤਾਂ ਦਾ ਅੰਕੜਾ ਵੱਧ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਕਰੋਨਾ ਹਾਲਾਤਾਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਸੂਬੇ ਕੋਲ ਕਰੋਨਾ ਟੀਕਿਆਂ ਦੀ ਘਾਟ ਹੈ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕੋਵਿਡ-19 ਰੋਕੂ ਟੀਕੇ ਲੱਗਣ ਵਿੱਚ ਦੇਰੀ ਹੋ ਸਕਦੀ ਹੈ ਕਿਉਂਕਿ ਸੂਬੇ ਕੋਲ ਟੀਕਿਆਂ ਦੀ ਘਾਟ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 18 ਤੋਂ 45 ਸਾਲ ਦੀ ਉਮਰ ਵਾਲਿਆਂ ਲਈ ਟੀਕਾ ਮੁਹਿੰਮ 1 ਮਈ ਤੋਂ ਸ਼ੁਰੂ ਕੀਤੀ ਜਾਣੀ ਸੀ ਪਰ ਸੂਬੇ ਨੂੰ ਲੋੜ ਮੁਤਾਬਕ ਟੀਕੇ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਸਟਾਫ ਹੈ ਅਤੇ ਟੀਕਾਕਰਨ ਲਈ ਬੁਨਿਆਦੀ ਢਾਂਚਾ ਹੈ ਪਰ ਟੀਕੇ ਨਹੀਂ ਹਨ। ਉਨ੍ਹਾਂ ਕਿਹਾ ਕਿ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨੀ ਮੁਸ਼ਕਿਲ ਹੈ।