The Khalas Tv Blog Punjab 25 ਨਵੰਬਰ ਤੋਂ ਪਹਿਲਾਂ ਜਾਰੀ ਹੋਵੇਗਾ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ!
Punjab

25 ਨਵੰਬਰ ਤੋਂ ਪਹਿਲਾਂ ਜਾਰੀ ਹੋਵੇਗਾ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ!

ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ 25 ਨਵੰਬਰ ਤੋਂ ਪਹਿਲਾਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ (21 ਨਵੰਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਦਿੱਤੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਵੀ ਅਦਾਲਤ ਨੂੰ ਸੌਂਪੀ ਗਈ ਹੈ। ਇਸ ਤੋਂ ਬਾਅਦ ਅਦਾਲਤ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ 11 ਨਵੰਬਰ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ ਵਿੱਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਵੱਲੋਂ 6 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।

ਉਸ ਹੁਕਮ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ 10 ਦਿਨਾਂ ਵਿੱਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਹ ਵੀ ਕਿਹਾ ਗਿਆ ਕਿ ਜੇ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ 50,000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ।

5 ਕਾਰਪੋਰੇਸ਼ਨਾਂ ਅਤੇ 42 ਕੌਂਸਲਾਂ ਦਾ ਕਾਰਜਕਾਲ ਖ਼ਤਮ

ਪੰਜਾਬ ਵਿੱਚ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਖ਼ਤਮ ਹੋ ਗਿਆ ਹੈ। ਇਸਨੂੰ ਵੀ ਬਹੁਤ ਸਮਾਂ ਬੀਤ ਗਿਆ ਹੈ ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ। ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। 14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਬਿਨਾਂ ਕਿਸੇ ਵਾਰਡਬੰਦੀ ਦੇ 15 ਦਿਨਾਂ ਦੇ ਅੰਦਰ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਪਰ ਇਹ ਕਾਰਵਾਈ ਨਿਰਧਾਰਤ ਸਮੇਂ ਵਿੱਚ ਨਹੀਂ ਹੋਈ। ਇਸ ਦੌਰਾਨ ਸਰਕਾਰੀ ਛੁੱਟੀਆਂ ਵੀ ਆ ਗਈਆਂ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।

Exit mobile version