The Khalas Tv Blog Punjab VHP ਨੇਤਾ ਦੇ ਕਤਲ ਦਾ ਦੋਸ਼ੀ ਗ੍ਰਿਫਤਾਰ
Punjab

VHP ਨੇਤਾ ਦੇ ਕਤਲ ਦਾ ਦੋਸ਼ੀ ਗ੍ਰਿਫਤਾਰ

ਰੂਪਨਗਰ ਪੁਲਿਸ ਨੇ SSOC ਮੋਹਾਲੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਦੇ ਕਤਲ ਕੇਸ ਵਿੱਚ ਸ਼ਾਮਲ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਵੱਲੋਂ ਸਮਰਥਨ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।

ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦਿੱਤੀ। ਸ਼ਨੀਵਾਰ ਸ਼ਾਮ ਨੂੰ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਨੰਗਲ ਦੇ ਰੇਲਵੇ ਰੋਡ ‘ਤੇ ਸਥਿਤ ਦੁਕਾਨ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਵਿੱਚੋਂ ਇੱਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਦੋਵੇਂ ਕਾਲੇ ਰੰਗ ਦੀ ਸਕੂਟੀ ‘ਤੇ ਆਏ ਸਨ।

ਦੋਵਾਂ ਨੂੰ ਕੀਤਾ ਗਿਆ ਗ੍ਰਿਫਤਾਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਗਿਆਨਕ ਅਤੇ ਯੋਜਨਾਬੱਧ ਜਾਂਚ ਤੋਂ ਬਾਅਦ ਪੁਲਿਸ ਨੇ ਦੋਵਾਂ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ ਹੈ। ਡੀਜੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 16 ਜਿੰਦਾ ਕਾਰਤੂਸ ਅਤੇ 1 ਖਾਲੀ ਕਾਰਤੂਸ ਵੀ ਬਰਾਮਦ ਕੀਤਾ ਹੈ, ਜਿਸ ਵਿੱਚ ਦੋ 32 ਬੋਰ ਦੇ ਪਿਸਤੌਲ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਇੱਕ ਵਾਰਦਾਤ ਵਿੱਚ ਵਰਤਿਆ ਗਿਆ ਸੀ। ਇਸ ਤੋਂ ਇਲਾਵਾ ਅਪਰਾਧ ਵਿੱਚ ਵਰਤੀ ਗਈ ਟੀਵੀਐਸ ਜੁਪੀਟਰ ਸਕੂਟੀ ਵੀ ਜ਼ਬਤ ਕਰ ਲਈ ਗਈ ਹੈ।

Exit mobile version