‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਵਧਾਈ ਦਿੱਤੀ। ਭੱਠਲ ਨੇ ਦੋਵਾਂ ਡਿਪਟੀ ਮੁੱਖ ਮੰਤਰੀਆਂ ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਨੂੰ ਵੀ ਵਧਾਈ ਦਿੱਤੀ। ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਚੰਨੀ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਕੱਲ੍ਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਵੀ ਚੰਨੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ।
ਰਾਜ ਸਭਾ ਮੈਂਬਰ ਅਤੇ ਸੀਨਿਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੇ ਨਵੇਂ ਰੋਲ ਮੁੱਖ ਮੰਤਰੀ ਵੱਜੋਂ ਮੇਰੀ ਸ਼ੁੱਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਤੁਸੀਂ ਉਹ ਕਦਮ ਚੁੱਕੋਗੇ, ਜਿਸਦੇ ਨਾਲ ਸੁਧਾਰ ਅਤੇ ਪੰਜਾਬਿਆਂ ਦਾ ਭਲਾ ਹੋ ਸਕੇਗਾ ਅਤੇ ਪੰਜਾਬ ਦੀ ਰੱਖਿਆ ਅਤੇ ਸੁਰੱਖਿਆ ਨੂੰ ਪਹਿਲ ਦੇ ਆਧਾਰ ‘ਤੇ ਕਾਇਮ ਰੱਖੋਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ ਰਾਹੀਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗਾ।