The Khalas Tv Blog Punjab ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਖਾਲਸਾ ਪੰਥ ਦੀ ਰਵਾਇਤਾਂ ਅਨੁਸਾਰ ਦਿੱਤੀ ਜਾਵੇ : ਜਥੇਦਾਰ ਰਘਬੀਰ ਸਿੰਘ
Punjab

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਖਾਲਸਾ ਪੰਥ ਦੀ ਰਵਾਇਤਾਂ ਅਨੁਸਾਰ ਦਿੱਤੀ ਜਾਵੇ : ਜਥੇਦਾਰ ਰਘਬੀਰ ਸਿੰਘ

‘ਦ ਖ਼ਾਲਸ ਬਿਊਰੋ :- ਕੁੱਝ ਦਿਨ ਪਹਿਲਾ ਫਤਹਿਗੜ੍ਹ ਸਾਹਿਬ ਵਿਖੇ ਪਿੰਡ ਜੱਲ੍ਹਾ ਤੇ ਤਰਖਾਣ ਮਾਜਰਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਸਜ਼ਾ ਨਾ ਮਿਲੀ ਤਾਂ ਖਾਲਸਾ ਪੰਥ ਆਪਣੇ ਤੌਰ ’ਤੇ ਕੋਈ ਨਾ ਕੋਈ ਉਪਰਾਲਾ ਕਰੇਗਾ।

ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਪੰਥ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਤਾਂ ਕਿ ਖਾਲਸਾ ਪੰਥ ਇਨ੍ਹਾਂ ਨੂੰ ਆਪਣੀਆਂ ਰਵਾਇਤਾਂ ਮੁਤਾਬਿਕ ਸਜ਼ਾ ਦੇ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ‘SIT ਦਾ ਗਠਨ ਕੀਤਾ ਗਿਆ ਹੈ ਪਰ ਪੁਲੀਸ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਮਾਮਲਿਆਂ ਦੀ ਤਹਿ ਤੱਕ ਜਾਣਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਵਿੱਚ ਹੋਈਆਂ ਬੇਅਦਬੀਆਂ ਪਿੱਛੇ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਝੀ ਸਾਜਿਸ਼ ਹੋਣ ਦੇ ਸ਼ੰਕੇ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਕਿ ਪੰਜਾਬ ਵਿੱਚ ਬੇਅਦਬੀ ਹੋਈ ਹੋਵੇ, ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਅਫਸੋਸ ਪੁਲੀਸ ਵੱਲੋਂ ਹਰ ਇੱਕ ਬੇਅਦਬੀ ਕਰਨ ਵਾਲੇ ਨੂੰ ਮਾਨਸਿਕ ਰੋਗੀ ਦੱਸ ਕੇ ਪੱਲਾ ਝਾੜ ਲਿਆ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਸੁੱਚਾ ਸਿੰਘ ਕਿਲਾ ਆਨੰਦਗੜ੍ਹ ਸਾਹਿਬ, ਗੁਰਦੀਪ ਸਿੰਘ ਕੰਗ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹਰਦੇਵ ਸਿੰਘ ਮੀਤ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਹਾਜ਼ਰ ਸਨ।

Exit mobile version