Punjab

ਫ਼ਰਾਰ ਗੈਂਗਸਟਰ ਟੀਨੂੰ ਦਾ ਮਦਦਗਾਰ ਜਿੰਮ ਮਾਲਕ ਗਿਰਫ਼ਤਾਰ,ਸਕੋਡਾ ਕਾਰ ਵੀ ਬਰਾਮਦ

Agtf Arrested ludhiana gym owner in gangster tinu escape

ਚੰਡੀਗੜ੍ਹ : AGTF ਨੇ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ (Deepak tinu) ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਵਾਰਦਾਤ ‘ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ ਵੀ ਬਰਾਮਦ ਕਰ ਲਈ ਹੈ । ਗੱਡੀ ਦਾ ਰਜਿਸਟ੍ਰੇਸ਼ਨ ਨੰਬਰ P.B.11 C.J.1563 ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ,ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਜਿੰਮ ਦਾ ਮਾਲਕ ਹੈ ਅਤੇ ਜਿੰਮ ਚਲਾਉਣ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ (GAURAV YADAV) ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ । ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਵਿਸ਼ੇਸ਼ ਜਾਂਚ ਟੀਮ (SIT) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ ਜਿਸ ਨੇ CIA ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ।

DGP ਗੌਰਵ ਯਾਦਵ ਨੇ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ (CIA MANSA) ਮਾਨਸਾ ਨੇੜੇ ਛੱਡ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦੇ ਸੰਪਰਕ ਵਿੱਚ ਸੀ, ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸਨ, ਉਨ੍ਹਾਂ ਕਿਹਾ ਕਿ ਕੋਹਲੀ ਨੂੰ ਸਾਲ 2021 ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ । ਟੀਨੂੰ ਦੇ ਹਰਿਆਣਾ ਅਧਾਰਤ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ।