Lok Sabha Election 2024 Punjab

BJP ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਦਰਜਨਾਂ ਕਿਸਾਨ ਆਗੂ ਗ੍ਰਿਫ਼ਤਾਰ

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਵਿੱਚ ਬੀਜੇਪੀ ਆਗੂਆਂ ਦਾ ਵਿਰੋਧ ਕਰਨ ਵਾਲਿਆਂ ਦੀਆਂ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਲੋਕ ਸਭਾ ਹਲਕਾ ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਕਰਨ ਗਏ ਸਨ। ਇਸ ’ਤੇ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਯੂਨੀਅਨ ਦੇ ਦਰਜਨਾਂ ਆਗੂਆ ਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ CIA ਸਟਾਫ ਵਿਖੇ ਬੰਦ ਕਰ ਦਿੱਤਾ ਹੈ।

ਦੱਸ ਦੇਈਏ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਸੀ, ਪਰ ਇਸ ਦੇ ਬਾਵਜੂਦ ਹੰਸ ਰਾਜ ਬਾਘਾਪੁਰਾਣਾ ਚੋਣ ਪ੍ਰਚਾਰ ਕਰਨ ਗਏ ਤੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਕਿਹਾ ਹੈ ਕਿ ਜੇ ਗ੍ਰਿਫ਼ਤਾਰ ਕੀਤੇ ਆਗੂਆਂ ਕੇ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਉਹ ਇਸ ਦੇ ਖਿਲਾਫ ਸੰਘਰਸ਼ ਵਿੱਢਣਗੇ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬੂਟਾ ਸਿੰਘ ਤਖਾਣਵੱਧ ਨੇ ਕਿਹਾ ਕਿ ਅੱਜ ਕਿਸਾਨ ਵਿਰੋਧ ਬੀਜੇਪੀ ਦਾ ਕਰਦੇ ਹਨ ਪਰ ਆਪ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਬੀਜੇਪੀ ਦੀ ਬੀ ਟੀਮ ਹੋਣ ਦਾ ਸਬੂਤ ਦੇ ਦਿੱਤਾ ਹੈ।

ਉਹਨਾਂ ਕਿਹਾ ਕਿ ਬੀਜੇਪੀ ਨੇ 700 ਕਿਸਾਨ ਸ਼ਹੀਦ ਕੀਤੇ, ਲਖੀਮਪੁਰ ‘ਚ ਕਿਸਾਨ ਮਾਰੇ, ਕਿਸਾਨਾਂ ਦੀ ਮੰਗ ਅਨੁਸਾਰ MSP ਦਾ ਗਾਰੰਟੀ ਕਾਨੂੰਨ ਨਹੀਂ ਬਣਾਇਆ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਫਿਰ ਬੀਜੇਪੀ ਕਿਸ ਮੂੰਹ ਨਾਲ ਪੰਜਾਬੀਆਂ ਤੋਂ ਵੋਟਾਂ ਮੰਗ ਰਹੀ ਹੈ। ਇਸ ਕਰਕੇ ਸੰਯੁਕਤ ਕਿਸਾਨ ਮੋਰਚੇ ਦਾ ਪੂਰੇ ਭਾਰਤ ਵਿੱਚ ਸੱਦਾ ਹੈ ਕਿ ਉਹ ਬੀਜੇਪੀ ਉਮੀਦਵਾਰਾਂ ਦਾ ਡਟ ਕੇ ਵਿਰੋਧ ਕਰਨਗੇ।