ਪੰਜਾਬ ਪੁਲਿਸ ਨੇ ਸਾਰੇ ਮੁਲਾਜ਼ਮਾਂ ਲਈ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਦੇਸ਼ ਵਿਚ ਚਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ’ਤੇ ਪੁਲਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਤੋਂ ਸਾਰੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ।
ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਦੇ ਦਫ਼ਤਰ ਵਲੋਂ ਜਾਰੀ ਪੱਤਰ ਨੰਬਰ 2946-3045-E-3(3) ’ਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਅੱਜ 7 ਮਈ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।
Punjab Police cancels leaves of all its officers and employees with immediate effect, says the Police department.
— ANI (@ANI) May 8, 2025
ਪੱਤਰ ’ਚ ਲਿਖਿਆ ਹੈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਸਿਰਫ ਵਿਸ਼ੇਸ਼ ਹਾਲਾਤਾਂ ਵਿਚ ਹੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਮਨਜ਼ੂਰ ਕੀਤੀ ਜਾਵੇਗੀ। ਡੀ. ਜੀ. ਪੀ. ਦਫ਼ਤਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਭੇਜ ਦਿੱਤੀਆਂ ਗਈਆਂ ਹਨ।