Punjab

ਸ਼ੁਭਕਰਨ ਦੀ ਮੌਤ ‘ਤੇ ਪੰਜਾਬ ‘ਚ FIR ਦਰਜ : ਰਿਪੋਰਟ ਵਿੱਚ ਪਿਤਾ ਨੇ ਦੱਸੀ ਕਿਵੇਂ ਹੋਈ ਮੌਤ…

Punjab police , murder case, Shubhkaran death incident, farmers

ਚੰਡੀਗੜ : ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਹੋਏ ਝੜਪ ‘ਚ ਮਾਰੇ ਗਏ ਕਿਸਾਨ ਸ਼ੁਭਕਰਨ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਐੱਫ.ਆਈ.ਆਰ.ਦਰਜ ਕਰ ਲਈ ਹੈ। ਸ਼ੁਭਕਰਨ ਸਿੰਘ ਦੇ ਪਿਤਾ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 302,114 ਦੇ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਪਾਤੜਾਂ ਪੁਲਿਸ ਸਟੇਸ਼ਨ ਵਿੱਚ FIR ਦਰਜ ਕੀਤੀ ਗਈ ਹੈ। ਸ਼ੁਭ ਦੇ ਪਰਿਵਾਰ ਨੇ ਡਾਕਟਰਾਂ ਨੂੰ ਪੋਸਟਮਾਰਟਮ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਐਫਆਈਆਰ ਦਰਜ ਕਰਵਾਉਣ ਦੀ ਸ਼ਰਤ ਰੱਖੀ ਸੀ।ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ।

ਕੇਸ ਦਰਜ ਤੋਂ ਬਾਅਦ ਦੇਰ ਰਾਤ ਨਿਊਰੋ ਸਰਜਨ ਸਮੇਤ 5 ਡਾਕਟਰਾਂ ਦੇ ਬੋਰਡ ਨੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਾਸ਼ ਦਾ ਪੋਸਟਮਾਰਟਮ ਕੀਤਾ। ਪੂਰੇ ਪੋਸਟਮਾਰਟਮ  ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਸਵੇਰੇ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ-

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਨ ਪੰਧੇਰ ਕਿਹਾ ਕਿ ਕੱਲ੍ਹ ਦੇਰ ਰਾਤ ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ 302 ਦਾ ਮਾਮਲਾ ਦਰਜ ਕੀਤਾ ਹੈ। ਪੰਧੇਰ ਨੇ ਕਿਹਾ ਕਿ ਪੁਲਿਸ ਨੇ 166 ਸੈਕਸ਼ਨ ਵੀ ਇਸ ਕੇਸ ਵਿੱਚ ਲਾਇਆ ਹੈ।

ਕਿਸਾਨ ਆਗੂ ਨੇ ਦੱਸਿਆ ਕਿ ਅੱਜ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਪੰਧੇਰ ਨੇ ਕਿਸਾਨ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੇ ਸ਼ੁਭਕਰਨ ਸਿੰਘ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਕੇ ਉਸਨੂੰ ਸ਼ਰਧਾਂਜਲੀ ਦੇਣ।

ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਿਅਤ ਅਤੇ ਨੀਤੀ ਦੋਹਾਂ ਵਿੱਚ ਖੋਟ ਹੈ ਪੈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਸਿਰਫ਼ ਸੱਤਾ ਦਾ ਲਾਲਚ , ਇਸ ਲਈ ਕੇਂਦਰ ਕਿਸਾਨ ਅਤੇ ਮਜ਼ਦੂਰਾਂ ਦੀਆ ਮੰਗਾ ਨੂੰ ਅਣਗੌਲ਼ਿਆ ਕਰ ਰਹੀ ਹੈ।

ਇਸ ਤੋਂ ਪਹਿਲਾਂ 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫ਼ੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ। ਕਿਸਾਨਾਂ ਦੇ ਮਾਰਚ ਨੂੰ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ-ਦਿੱਲੀ ਦੇ ਟਿੱਕਰੀ ਅਤੇ ਸਿੰਘੂ ਸਰਹੱਦਾਂ ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ ਵੀ ਹਟਾ ਦਿੱਤੀ ਗਈ ਹੈ।

ਸ਼ੁਭਕਰਨ ਦਾ ਮਾਮਲਾ ਹਾਈਕੋਰਟ ਤੱਕ ਵੀ ਪਹੁੰਚ ਗਿਆ

ਸ਼ੁਭਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਜਾਂਚ ’ਤੇ ਕਿਸੇ ਨੂੰ ਭਰੋਸਾ ਨਹੀਂ ਹੈ। ਇਸ ਲਈ ਅਦਾਲਤ ਨੂੰ ਸ਼ੁਭਕਰਨ ਦੀ ਮੌਤ ਦੀ ਜਾਂਚ ਸੇਵਾਮੁਕਤ ਜੱਜ ਤੋਂ ਕਰਵਾਉਣ ਲਈ ਕਿਹਾ ਗਿਆ ਹੈ। ਜਿਸ ਦੀ ਸੁਣਵਾਈ 29 ਫਰਵਰੀ ਨੂੰ ਹੋਵੇਗੀ।

ਸੀਐਮ ਮਾਨ ਨੇ ਮੁਆਵਜ਼ੇ ਅਤੇ ਨੌਕਰੀ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੇ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡੇਰੇ ਲਾਏ ਹੋਏ ਹਨ। ਕਿਸਾਨ ਆਗੂਆਂ ਵੱਲੋਂ ਅੱਜ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾ ਸਕਦਾ ਹੈ।