The Khalas Tv Blog Punjab ਪੰਜਾਬ ‘ਚ ਚੱਪੇ-ਚੱਪੇ ‘ਤੇ ਹਥਿਆਰਬੰਦ ਪੁਲਿਸ ਦੀ ਤਾਇਨਾਤੀ ! ਸਾਰੇ ਜ਼ਿਲ੍ਹਿਆਂ ‘ਚ ਫਲੈਗ ਮਾਰਚ
Punjab

ਪੰਜਾਬ ‘ਚ ਚੱਪੇ-ਚੱਪੇ ‘ਤੇ ਹਥਿਆਰਬੰਦ ਪੁਲਿਸ ਦੀ ਤਾਇਨਾਤੀ ! ਸਾਰੇ ਜ਼ਿਲ੍ਹਿਆਂ ‘ਚ ਫਲੈਗ ਮਾਰਚ

ਬਿਉਰੋ ਰਿਪੋਰਟ : ਪੰਜਾਬ ਦੇ ਕਈ ਸ਼ਹਿਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ,ਸੂਬੇ ਦੇ ਚੱਪੇ-ਚੱਪੇ ਤੇ ਪੁਲਿਸ ਦਾ ਪਹਿਰਾ ਵੇਖਣ ਨੂੰ ਮਿਲਿਆ । ਦਰਅਸਲ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੀਆਂ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਫਲੈਗ ਮਾਰਚ ਕੀਤਾ।

ਪੰਜਾਬ ਵਿੱਚ ਆਮ ਚੋਣਾਂ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਫਲੈਗ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਨੂੰ ਵਧਾਉਣਾ ਵੀ ਸੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਨੇ ਕਿਹਾ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਅੰਤਰਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਵੀ ਉਹਨਾਂ ਅਤੇ ਉਹਨਾਂ ਵਾਹਨਾਂ ਦੀ ਚੈਕਿੰਗ ਅਤੇ ਜਾਂਚ ਕੀਤੇ ਬਿਨਾਂ ਸੂਬੇ ਵਿੱਚ ਦਾਖਲ/ਬਾਹਰ ਨਾ ਜਾਣ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ।

ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ‘ਤੇ ਦਬਦਬਾ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

Exit mobile version