Punjab

ਪੰਜਾਬ ਪੁਲਿਸ ਦੇ ਅੜਿੱਕੇ ਆਇਆ ਇੱਕ ਹੋਰ ਗੈਂਗਸਟਰ

‘ਦ ਖ਼ਾਲਸ ਬਿਊਰੋ :- ਮਰਹੂਮ ਨੌਜਵਾਨ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮਾਨਸਾ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਜੱਗੂ ਭਗਵਾਨਪੁਰੀਆ ਦਿੱਲੀ ਦੀ ਜੇਲ੍ਹ ‘ਚ ਬੰਦ ਸੀ ਤੇ ਮਾਨਸਾ ਪੁਲਿਸ ਉਸ ਨੂੰ ਹੁਣ ਪੰਜਾਬ ਲਿਆਵੇਗੀ। ਜੱਗੂ ਭਗਵਾਨਪੁਰੀਆ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 14 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਕੋਰਟ ‘ਚ ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ ਕਿ ਚਾਰ ਕਥਿਤ ਸ਼ੂਟਰਾਂ ਵਿੱਚੋਂ 2 ਜਗਦੀਪ ਭਗਵਾਨਪੁਰੀਆ ਨਾਲ ਜੁੜੇ ਹੋਏ ਹਨ, ਜਿਸ ਕਰਨ ਜੱਗੂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈਣ ਦੀ ਲੋੜ ਹੈ। ਦੂਜੇ ਪਾਸੇ ਭਗਵਾਨਪੁਰੀਆ ਦੇ ਵਕੀਲ ਨੇ ਪੰਜਾਬ ਪੁਲਿਸ ਦੇ ਟਰਾਂਜ਼ਿਟ ਰਿਮਾਂਡ ਦਾ ਵਿਰੋਧ ਕੀਤਾ। ਪਟਿਆਲਾ ਹਾਊਸ ਕੋਰਟ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਪੁਲਿਸ ਨੂੰ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਹਿਰਾਸਤ ‘ਚ ਲੈਣ ਦੇ ਹੁਕਮ ਦੇ ਦਿੱਤੇ।

ਦਿੱਲੀ ਪੁਲਿਸ ਨੇ ਮੂਸੇਵਾਲਾ ਦੇ ਕਤਲ ਮਾਮਲੇ ਨੂੰ 1 ਮਹੀਨੇ ਦੇ ਅੰਦਰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਕਮਿਸ਼ਨਰ ਐਚ.ਜੀ.ਐਸ ਧਾਲੀਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਸਿਰਫ਼ 4 ਸ਼ੂਟਰ ਗ੍ਰਿਫ਼ਤ ਤੋਂ ਬਾਹਰ ਹਨ, ਜਿਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿਛ ਕੀਤੀ ਜਾਵੇਗੀ।

ਧਾਲੀਵਾਲ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸ ਤੋਂ ਇਲਾਵਾ ਪਟਿਆਲਾ ਜੇਲ੍ਹ ਵਿਚੋਂ ਗੈਂਗਸਟਰ ਨਰੇਸ਼ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਮਹੀਨਾ ਪੂਰਾ ਹੋ ਗਿਆ ਹੈ। ਮੂਸੇਵਾਲਾ ਦਾ ਕਤਲ 29 ਮਈ ਨੂੰ ਹੋਇਆ ਸੀ। ਮੂਸੇਵਾਲੇ ਦਾ ਗੈਂਗਸਟਰਾਂ ਨੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।