ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੰਜਾਬ ਪੁਲਿਸ ਨੇ ‘ਲੁਕਆਊਟ ਨੋਟਿਸ’ ਜਾਰੀ ਕਰ ਦਿੱਤਾ ਹੈ। ਇਸ ਸੰਬੰਧ ਵਿੱਚ ਦੇਸ਼ ਦੇ ਸਾਰੇ ਹਵਾਈ ਅੱਡਿਆਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ ਤੇ ਮੂਸਤੈਦ ਰਹਿਣ ਲਈ ਕਿਹਾ ਗਿਆ ਹੈ।
ਇਸ ਸੰਬੰਧ ਵਿੱਚ ਪੰਜਾਬ ਪੁਲਿਸ ਕੇਂਦਰੀ ਏਜੰਸੀਆਂ ਨਾਲ ਰਾਬਤਾ ਬਣਾ ਕੇ ਚੱਲ ਰਹੀ ਹੈ।ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ‘ਤੇ NSA ਲਗਾਏ ਜਾਣ ਦੀ ਪੁਸ਼ਟੀ ਵੀ ਪੰਜਾਬ ਪੁਲਿਸ ਕਰ ਚੁੱਕੀ ਹੈ ਤੇ ਉਸ ਦੇ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਵੀ ਜਾਰੀ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਲੰਘੀ 18 ਮਾਰਚ ਤੋਂ ਹੀ ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਕਾਰਵਾਈ ਸ਼ੁਰੂ ਕੀਤੀ ਹੋਈ ਹੈ । ਇਸ ਸੰਬੰਧ ਵਿੱਚ ਪੰਜਾਬ ਭਰ ਵਿੱਚ ਨਾਕੇਬੰਦੀ ਕੀਤੀ ਗਈ ਹੈ ਤੇ ਪੁਲਿਸ ਵੱਲੋਂ ਥਾਂ-ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਪਰ ਪੁਲਿਸ ਮੁਤਾਬਕ ਹਾਲੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ।ਹਾਲਾਂਕਿ ਉਸ ਦੇ ਚਾਚਾ ਤੇ ਹੋਰ ਕਈ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਦੇਸ਼ ਛੱਡਣ ਦੇ ਸ਼ੰਕੇ ਵੀ ਖੜੇ ਕੀਤੇ ਗਏ ਹਨ। ਇਸ ਲਈ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਲੁਕ ਆਊਟ ਨੋਟਿਸ ਕੱਢ ਦਿੱਤਾ ਹੈ ਤੇ ਦੇਸ਼ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।