‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਕਈ ਸਵਾਲ ਉੱਠ ਰਹੇ ਹਨ। ਇਸ ਦੌਰਾਨ ਕਈ ਅਫਵਾਹਾਂ ਵੀ ਫੈਲਾਈਆਂ ਜਾ ਰਹੀਆਂ ਹਨ, ਜਿਸ ਤੋਂ ਹੁਣ ਪੰਜਾਬ ਪੁਲਿਸ ਨੇ ਸਾਵਧਾਨ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਇੱਕ ਪੋਸਟ ਪਾ ਕੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੇ ਲਈ ਅਪੀਲ ਕੀਤੀ ਗਈ ਹੈ। ਪੁਲਿਸ ਨੇ ਇੱਕ ਪੋਸਟ ਪਾ ਕੇ ਲਿਖਿਆ ਹੈ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਪ੍ਰਕਾਰ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਸਾਰੇ ਪੰਜਾਬ ਦੇ ਨਾਗਰਿਕਾਂ ਨੂੰ ਅਪੀਲ ਹੈ ਕਿ ਇਨ੍ਹਾਂ ਅਫਵਾਹਾਂ ਵੱਲ ਬਿਲਕੁਲ ਧਿਆਨ ਨਾ ਦਿੱਤਾ ਜਾਵੇ ਤਾਂ ਕਿ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋ ਸਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਰੀ ਦੇ ਕਤਲ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ, ਪਰਿਵਾਰ ਨੂੰ ਜਲਦ ਇਨਸਾਫ਼ ਮਿਲ ਜਾਵੇਗਾ। ਪੁਲਿਸ ਵੱਲੋਂ ਜਾਂਚ ਜਾਰੀ ਹੈ।
ਵਿਰੋਧੀ ਧਿਰਾਂ ਵੱਲੋਂ ਵੀ ਇਸ ਕਤਲਕਾਂਡ ਨੂੰ ਲੈ ਕੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਗਏ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਈਚਾਰੇ ਦੀ ਏਕਤਾ ਤੇ ਆਖੰਡਰਾ ਕਾਇਮ ਰਹਿਣੀ ਚਾਹੀਦੀ ਹੈ। ਪੰਜਾਬ ਨੇ ਬਹੁਤ ਤਰਾਸਦੀ ਝੱਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸ਼ਾਂਤੀ ਬਣਾਈ ਰੱਖੀ ਜਾਣੀ ਚਾਹੀਦੀ ਹੈ। ਅਜਿਹੀ ਸਥਿਤੀ ‘ਚ ਭਗਵੰਤ ਮਾਨ ਕੋਈ ਕਦਮ ਚੁੱਕਣ।
ਰਾਜ ਕੁਮਾਰ ਵੇਰਕਾ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ। ਉਨ੍ਹਾਂ ਨੇ ਪੁਲਿਸ ਨੂੰ ਵੀ ਅਪੀਲ ਕੀਤੀ ਕਿ ਜੋ ਸੋਸ਼ਲ ਮੀਡੀਆ ਉੱਤੇ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਵੇਰਕਾ ਨੇ ਕਿਹਾ ਕਿ ਕੁੱਝ ਵਿਦੇਸ਼ੀ ਤਾਕਤਾਂ ਤੇ ਉਹਨਾਂ ਦੇ ਪਿੱਠੂ ਦੇਸ਼ ਵਿੱਚ ਗੜਬੜ ਪੈਦਾ ਕਰਨੀ ਚਾਹੁੰਦੇ ਹਨ, ਇਸ ਕਰਕੇ ਇਸ ਤੋਂ ਬਚਣਾ ਚਾਹੀਦਾ ਹੈ।
ਦਰਅਸਲ, ਇਸ ਮਸਲੇ ਨੂੰ ਲੈ ਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਵੀ ਪਾਇਆ ਜਾ ਰਿਹਾ ਹੈ ਕਿਉਂਕਿ ਜਿਸ ਸਮੇਂ ਸੂਰੀ ਦਾ ਕਤਲ ਹੋਇਆ ਸੀ, ਉਸ ਸਮੇਂ ਵੱਡੀ ਗਿਣਤੀ ਵਿੱਚ ਪੁਲਿਸ ਵੀ ਮੌਕੇ ਉੱਤੇ ਮੌਜੂਦ ਸੀ। ਘਟਨਾ ਸਮੇਂ ਮੌਜੂਦ ਕੁਝ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸੂਰੀ ਉੱਤੇ ਗੋਲੀ ਚੱਲੀ ਸੀ ਤਾਂ ਥੋੜੇ ਸਮੇਂ ਲਈ ਪੁਲਿਸ ਵੀ ਉੱਥੋਂ ਭੱਜ ਗਈ ਸੀ।
ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਵਿੱਚ ਬੰਦ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲਿਆ।