Punjab

ਨ ਸ਼ੇ ਦੇ ਵਿਰੁੱਧ ਰੇਡ ਦੌਰਾਨ 186 ਭਗੌੜੇ ਕਾਬੂ,6 ਫਰਾਰ ਕੈਦੀ 35 ਸਾਲ ਬਾਅਦ ਗ੍ਰਿਫ਼ਤਾਰ

ਹਫਤੇ ਦੌਰਾਨ 335 ਨਸ਼ਾ ਤਸਕਰ, ਸਪਲਾਇਲਰਜ਼ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ

‘ਦ ਖ਼ਾਲਸ ਬਿਊਰੋ :- ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ 5 ਜੁਲਾਈ,2022 ਤੋਂ ਹੁਣ ਤੱਕ ਕੁੱਲ 186 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ 46 ਅਪਰਾਧੀ ਸੂਬੇ ਤੋਂ ਬਾਹਰੋਂ ਕਾਬੂ ਕੀਤੇ ਗਏ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਐਨਡੀਪੀਐਸ ਐਕਟ ਤਹਿਤ ਉਨ੍ਹਾਂ ਭਗੌੜਿਆਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ 1980 ਅਤੇ 1990 ਦੇ ਦਹਾਕੇ ਤੋਂ ਗ੍ਰਿਫਤਾਰੀ ਤੋਂ ਬਚ ਰਹੇ ਸਨ।

35 ਸਾਲ ਪੁਰਾਣੇ ਭਗੌੜੇ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਕਾਕੂ ਨੂੰ ਨਵੰਬਰ 1985 ਵਿੱਚ ਭਗੌੜਾ ਐਲਾਨਿਆ ਗਿਆ ਸੀ। ਉਸ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। 1988 ਤੋਂ ਭਗੌੜੇ ਅਮਰਜੀਤ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਤੇ 1989 ਵਿੱਚ ਭਗੌੜਾ ਐਲਾਨੇ ਗਏ ਮਹਿੰਦਰ ਸਿੰਘ ਵਾਸੀ ਡਬਲਖੇੜੀ ਨੂੰ ਸੰਗਰੂਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 1990 ਦੇ ਦਹਾਕੇ ਤੋਂ ਫਰਾਰ ਤਿੰਨ ਭਗੌੜਿਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ੇ ਦੇ ਮਾਮਲਿਆਂ ਵਿੱਚ ਵੱਡੀ ਕਾਮਯਾਬੀ

ਨਸ਼ਿਆਂ ਬਾਰੇ ਜਾਣਕਾਰੀ ਦਿੰਦੇ ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਪਿਛਲੇ ਹਫ਼ਤੇ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 251 ਐਫਆਈਆਰਜ਼, ਜਿਨ੍ਹਾਂ ਵਿੱਚ 22 ਵਪਾਰਕ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 335 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਘੇਰਾਬੰਦੀ ਕਰਕੇ 9.76 ਕਿਲੋ ਹੈਰੋਇਨ, 8.68 ਕਿਲੋ ਅਫੀਮ, 11.56 ਕਿਲੋ ਗਾਂਜਾ, 9 ਕੁਇੰਟਲ ਭੁੱਕੀ, 49 ਹਜਾਰ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ 40.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਅਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਪਹਿਲਾਂ ਹੀ ਨਸ਼ਿਆਂ ਦੇ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀ.ਪੀਜ਼./ਐਸ.ਐਸ.ਪੀਜ਼ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ-ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਨ ਸਮੇਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਡੀਜੀਪੀ ਵੱਲੋਂ ਸਾਰੇ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।