The Khalas Tv Blog Punjab ਪੰਜਾਬ ਸਰਕਾਰ ਦੀਆਂ ਗਲਤੀਆਂ ਕਰਕੇ ਪੰਜਾਬ ਦੀ RDF ਹੋਈ ਰੱਦ- ‘ਆਪ’
Punjab

ਪੰਜਾਬ ਸਰਕਾਰ ਦੀਆਂ ਗਲਤੀਆਂ ਕਰਕੇ ਪੰਜਾਬ ਦੀ RDF ਹੋਈ ਰੱਦ- ‘ਆਪ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ, ਪੰਜਾਬ ਨੇ ਪੇਂਡੂ ਵਿਕਾਸ ਫੰਡ (RDF) ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਪੰਜਾਬ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਲਈ 4500 ਕਰੋੜ ਰੁਪਏ ਕਰਜ਼ਾ ਲਿਆ ਸੀ। ਪਰ ਪੰਜਾਬ ਦੀ ਸਾਬਕਾ ਬਾਦਲ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਨੇ ਇਸ ਪੈਸੇ ਦੀ ਦੁਰਵਰਤੋਂ ਕੀਤੀ ਹੈ ਅਤੇ 4500 ਕਰੋੜ ਰੁਪਏ ਦਾ ਵਿਆਜ਼ ਦੇਣ ਵਿੱਚ ਘਪਲਾ ਕੀਤਾ ਜਿਸ ਕਰਕੇ ਕੇਂਦਰ ਸਰਕਾਰ ਨੇ ਪੰਜਾਬ ਦੀ RDF ਬੰਦ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ RDF ਨੂੰ ਬੰਦ ਕਰਨ ਦਾ ਰਾਹ ਪੱਧਰਾ ਕੀਤਾ ਹੈ’।

ਆਪ ਪਾਰਟੀ ਨੇ ਪੰਜਾਬ ਸਰਕਾਰ ਨੂੰ ਫੰਡ ਦੀ ਕੀਤੀ ਗਈ ਵਰਤੋਂ ਬਾਰੇ ਇੱਕ ਵ੍ਹਾਈਟ ਪੇਪਰ ਜਾਰੀ ਕਰਨ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਸ ਫੰਡ ਦੇ ਪੈਸੇ ਦੀ ਦੁਰਵਰਤੋਂ ਕਿੱਥੇ ਹੋਈ ਹੈ। ਉਨ੍ਹਾਂ ਕਿਹਾ ਕਿ ‘ਇਸਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਪੈਸੇ ਦੀ ਦੁਰਵਰਤੋਂ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ RDF ਰੱਦ ਕਰਕੇ ਕਾਲੇ ਕਾਨੂੰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਸੰਘੀ ਢਾਂਚੇ ‘ਤੇ ਬਹੁਤ ਵੱਡਾ ਹਮਲਾ ਕੀਤਾ ਹੈ। ਕੇਂਦਰ ਸਰਕਾਰ ਨੂੰ ਪੈਸਿਆਂ ਦਾ ਘੁਟਾਲਾ ਕਰਨ ਵਾਲੇ ਲੀਡਰਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਪੰਜਾਬ ਦਾ ਪੈਸਾ ਨਹੀਂ ਰੋਕਣਾ ਚਾਹੀਦਾ।

ਪਰਾਲੀ ਅਤੇ ਇੰਡਸਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨ ‘ਤੇ ਆਪ ਪਾਰਟੀ ਨੇ ਕਿਹਾ ਕਿ ‘ਜਿਵੇਂ ਦਿੱਲੀ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਗਰੀਨ ਐਪ ਲਾਂਚ ਕੀਤਾ ਹੈ, ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਕੋਈ ਹੱਲ ਕੱਢ ਕੇ ਦੇਣਾ ਚਾਹੀਦਾ ਹੈ’।

Exit mobile version