ਬਿਊਰੋ ਰਿਪੋਰਟ (ਚੰਡੀਗੜ੍ਹ, 30 ਅਕਤੂਬਰ 2025): ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੱਸ ਕਰਮਚਾਰੀਆਂ ਨੇ ਕਿਲੋਮੀਟਰ ਸਕੀਮ ਦੇ ਟੈਂਡਰ ਨੂੰ ਪੱਕੇ ਤੌਰ ‘ਤੇ ਰੱਦ ਕਰਵਾਉਣ ਲਈ ਸ਼ੁੱਕਰਵਾਰ ਨੂੰ ਮੁੜ ਕੌਮੀ ਸ਼ਾਹਰਾਹਾਂ (ਨੈਸ਼ਨਲ ਹਾਈਵੇਅਜ਼) ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਲਿਆ ਗਿਆ ਹੈ, ਜੋ ਇਸ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਆਰਜ਼ੀ ਕਰਮਚਾਰੀਆਂ ਦੇ ਆਗੂਆਂ ਨੇ ਦੱਸਿਆ ਕਿ ਉਹ ਕਈ ਵਾਰ ਸਰਕਾਰ ਨਾਲ ਗੱਲਬਾਤ ਕਰ ਚੁੱਕੇ ਹਨ, ਪਰ ਹਰ ਵਾਰ ਸਿਰਫ਼ ਲਾਰਾ-ਲੱਪਾ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਦੀ ਕੋਸ਼ਿਸ਼ ਕੀਤੀ, ਸਰਕਾਰ ਨੇ ਟੈਂਡਰ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਬਜਾਏ, ਸਿਰਫ਼ ਮੁਲਤਵੀ ਕਰਨ ਦਾ ਭਰੋਸਾ ਦਿੱਤਾ।
ਕਰਮਚਾਰੀ ਆਗੂ ਚੰਨ ਨੇ ਸਪੱਸ਼ਟ ਕੀਤਾ ਕਿ ਇਸ ਵਾਰ ਉਨ੍ਹਾਂ ਨੇ ਕੌਮੀ ਰਾਜਮਾਰਗਾਂ ’ਤੇ ਜਾਮ ਲਾਉਣ ਦਾ ਪੱਕਾ ਇਰਾਦਾ ਕਰ ਲਿਆ ਹੈ। ਉਨ੍ਹਾਂ ਸਰਕਾਰ ਨੂੰ 31 ਅਕਤੂਬਰ ਦੁਪਹਿਰ 12:00 ਵਜੇ ਤੱਕ ਟੈਂਡਰ ਰੱਦ ਕਰਨ ਲਈ ਆਖ਼ਰੀ ਚੇਤਾਵਨੀ (ਅਲਟੀਮੇਟਮ) ਦਿੱਤਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਵਾਰ ਵੀ ਉਨ੍ਹਾਂ ਦੀ ਮੰਗ ਨਾ ਮੰਨੀ, ਤਾਂ ਉਹ ਹਰ ਹੀਲੇ ਸ਼ਾਹਰਾਹਾਂ ਨੂੰ ਜਾਮ ਕਰਨਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਵੀ ਰੋਡਵੇਜ਼ ਕਰਮਚਾਰੀਆਂ ਨੇ ਕੌਮੀ ਸ਼ਾਹਰਾਹਾਂ ਨੂੰ ਜਾਮ ਕਰਨ ਦਾ ਸੱਦਾ ਦਿੱਤਾ ਸੀ। ਉਸ ਸਮੇਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਾਮ ਲੱਗ ਵੀ ਗਏ ਸਨ, ਪਰ ਜਲੰਧਰ ਸਮੇਤ ਕੁਝ ਥਾਵਾਂ ’ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਸਰਕਾਰੀ ਹੁਕਮ ਦੇ ਕੇ ਵਿਰੋਧ ਪ੍ਰਦਰਸ਼ਨ ਰੋਕਣ ਲਈ ਮਨਾ ਲਿਆ ਸੀ।

