The Khalas Tv Blog Punjab ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਵਿਰੋਧ ਤੇਜ਼, ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ
Punjab

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਵਿਰੋਧ ਤੇਜ਼, ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ

ਬਿਊਰੋ ਰਿਪੋਰਟ (20 ਨਵੰਬਰ, 2025): ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਨੇ ਸੂਬਾ ਸਰਕਾਰ ਦੀਆਂ ਕਥਿਤ ਨੀਤੀਆਂ ਵਿਰੁੱਧ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ 8, 9 ਅਤੇ 10 ਦਸੰਬਰ ਨੂੰ ਤਿੰਨ ਦਿਨਾਂ ਦੀ ਪੂਰਨ ਹੜਤਾਲ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਸਮੇਤ ਪੀ.ਆਰ.ਟੀ.ਸੀ. ਚੇਅਰਮੈਨ ਦੀ ਰਿਹਾਇਸ਼ ’ਤੇ ਪੱਕਾ ਧਰਨਾ ਦੇਣ ਦਾ ਵੀ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਲਿਆ ਗਿਆ।

ਯੂਨੀਅਨ ਦੇ ਆਗੂਆਂ ਨੇ ਸਰਕਾਰ ’ਤੇ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੁੱਖ ਮੰਗਾਂ ਦਾ ਹੱਲ ਨਾ ਕਰਨ ਦਾ ਇਲਜ਼ਾਮ ਲਾਇਆ ਹੈ।

  • ਨੌਕਰੀਆਂ ਦੀ ਬਜਾਏ ਪ੍ਰਾਈਵੇਟਾਈਜ਼ੇਸ਼ਨ: ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ, ਵਾਰ-ਵਾਰ ਨਿੱਜੀ ਬੱਸਾਂ ਪਾ ਕੇ ਟਰਾਂਸਪੋਰਟ ਵਿਭਾਗਾਂ ਦਾ ਨਿੱਜੀਕਰਨ ਕਰ ਰਹੀ ਹੈ।
  • ਵਾਅਦੇ ਪੂਰੇ ਨਹੀਂ: ਯੂਨੀਅਨ ਆਗੂਆਂ ਨੇ ਦੱਸਿਆ ਕਿ ‘ਆਪ’ ਸਰਕਾਰ ਨੂੰ ਸੱਤਾ ਵਿੱਚ ਆਏ ਲਗਭਗ 4 ਸਾਲ ਹੋ ਗਏ ਹਨ, ਪਰ ਟਰਾਂਸਪੋਰਟ ਵਿਭਾਗ ਵਿੱਚ ਇੱਕ ਵੀ ਕੱਚੇ ਕਰਮਚਾਰੀ ਨੂੰ ਪੱਕਾ (ਰੈਗੂਲਰ) ਨਹੀਂ ਕੀਤਾ ਗਿਆ ਹੈ।
  • ਝੂਠੇ ਭਰੋਸੇ: ਯੂਨੀਅਨ ਨੇ ਸੰਘਰਸ਼ ਕਰਕੇ ਮੁੱਖ ਮੰਤਰੀ ਨਾਲ ਦੋ ਸਮੇਤ 50 ਤੋਂ 60 ਮੀਟਿੰਗਾਂ ਕੀਤੀਆਂ। ਹਰ ਵਾਰ 15 ਦਿਨ ਜਾਂ 1 ਮਹੀਨੇ ਵਿੱਚ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਇੱਕ ਵੀ ਮੰਗ ਪੂਰੀ ਨਹੀਂ ਹੋਈ।

ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ 8 ਦਸੰਬਰ ਤੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਸਮੇਤ ਚੇਅਰਮੈਨ ਪੀ.ਆਰ.ਟੀ.ਸੀ. ਦੀ ਰਿਹਾਇਸ਼ ’ਤੇ ਪੱਕੇ ਧਰਨੇ ਦਿੱਤੇ ਜਾਣਗੇ।

 

Exit mobile version