ਬਿਉਰੋ ਰਿਪੋਰਟ – ਪੰਜਾਬ ਰੋਡਵੇਜ਼ (Punjab Roadways) ਪਨਬੱਸ (Punbus) ਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 21 ਅਕਤੂਬਰ ਤੋਂ ਹੜਤਾਲ ਦੇ ਦਿੱਤੇ ਸੱਦੇ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨਾਲ ਕੀਤੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮੰਤਰੀ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਸਾਰੇ ਰਾਜੀ ਹੋਏ ਹਨ।
ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਜੋ ਮੁਲਾਜ਼ਮ ਠੇਕੇ ‘ਤੇ ਹਨ, ਉਨ੍ਹਾਂ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਲਾਲਜੀਤ ਭੁੱਲਰ ਨੇ ਕਿਹਾ ਕਿ ਪਿਛਲੇ ਸਮੇਂ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿਚ ਮੁਲਾਜ਼ਮਾਂ ਦੀਆਂ ਕਾਫੀ ਮੰਗਾਂ ‘ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਭੁੱਲਰ ਨੇ ਕਿਹਾ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗਲੀ ਮੀਟਿੰਗ ਕੀਤੀ ਜਾਵੇਗੀ ਅਤੇ ਸਾਰਥਕ ਨਤੀਜੇ ਆਉਣਗੇ। ਉਨ੍ਹਾਂ ਮੁਲਾਜ਼ਮਾਂ ਨੂੰ ਕਿਹਾ ਕਿ ਅਧਿਕਾਰੀ ਅਗਲੀ ਮੀਟਿੰਗ ਵਿਚ ਠੋਸ ਤਜਵੀਜ਼ ਲੈ ਕੇ ਆਉਣ। ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਮੰਤਰੀ ਨੇ ਸਰਵਿਸ ਪ੍ਰੋਵਾਈਡਰ ਏਜੰਸੀ ਦੇ ਠੇਕੇਦਾਰਾਂ ਵੱਲੋਂ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਲ ਲਿਆ ਹੈ।
ਇਹ ਵੀ ਪੜ੍ਹੋ – ‘SGPC ਨੂੰ ਆਦੇਸ਼,ਜਥੇਦਾਰ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਹੋਵੇ’ ! ‘ਨਹੀਂ ਤਾਂ ਅਸੀਂ ਵੀ ਅਸਤੀਫ਼ਾ ਦੇਵਾਂਗੇ’