The Khalas Tv Blog Punjab ਪੰਜਾਬ ਦੇ ਸਕੂਲਾਂ ’ਚ ਨਹੀਂ ਮਿਲ ਰਹੀਆਂ ਮੁਫ਼ਤ ਕਿਤਾਬਾਂ! ਹਾਈਕੋਰਟ ਨੇ ਦੋ ਦਿਨਾਂ ਅੰਦਰ ਮੰਗਿਆ ਜਵਾਬ; ਨੋਟਿਸ ਜਾਰੀ
Punjab

ਪੰਜਾਬ ਦੇ ਸਕੂਲਾਂ ’ਚ ਨਹੀਂ ਮਿਲ ਰਹੀਆਂ ਮੁਫ਼ਤ ਕਿਤਾਬਾਂ! ਹਾਈਕੋਰਟ ਨੇ ਦੋ ਦਿਨਾਂ ਅੰਦਰ ਮੰਗਿਆ ਜਵਾਬ; ਨੋਟਿਸ ਜਾਰੀ

ਬਿਉਰੋ ਰਿਪੋਰਟ: ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਹੀਂ ਮਿਲੀਆਂ ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਵਿੱਚ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਾਈ ਕੋਰਟ ਨੇ ਕਿਹਾ ਹੈ ਕਿ ਜੇ ਦੋ ਦਿਨਾਂ ਅੰਦਰ ਜਵਾਬ ਦਾਇਰ ਨਾ ਕੀਤਾ ਗਿਆ ਤਾਂ ਇਸ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਤੇ ਸਿੱਖਿਆ ਨਿਰਦੇਸ਼ਕ ਚੰਡੀਗੜ੍ਹ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਹਾਈਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ 4 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਮਾਮਲੇ ’ਚ ਦੇਰੀ ਸਵੀਕਾਰ ਨਹੀਂ ਹੈ।

ਇਸ ਮਾਮਲੇ ਸਬੰਧੀ ਚੰਡੀਗੜ੍ਹ ਵਾਸੀ ਦੀਪਤੀ ਸਿੰਘ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇੇ ਵਿੱਚ ਐਡਵੋਕੇਟ ਰੰਜਨ ਲਖਨਪਾਲ ਨੇ ਕਿਹਾ ਕਿ ਸਰਕਾਰ ਅੱਠਵੀਂ ਜਮਾਤ ਤੱਕ ਮੁਫ਼ਤ ਸਿੱਖਿਆ ਦੇਣ ਦਾ ਦਾਅਵਾ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੱਧਾ ਸੈਸ਼ਨ ਬੀਤ ਜਾਣ ਤੋਂ ਬਾਅਦ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲੀਆਂ ਹਨ, ਜਿਸ ਕਾਰਨ ਗਰੀਬ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲ ਮੁਕਾਬਲਾ ਕਰਨਾ ਮੁਸ਼ਕਲ ਹੋ ਗਿਆ ਹੈ।

ਪਟੀਸ਼ਨਰ ਨੇ ਇਹ ਵੀ ਦਲੀਲ ਦਿੱਤੀ ਕਿ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਦਾ ਹੈ, ਪਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਤਾਬਾਂ ਤੋਂ ਬਿਨਾਂ ਤਰੱਕੀ ਕਿਵੇਂ ਕਰ ਸਕਣਗੇ? ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਯੂਟੀ ਪ੍ਰਸ਼ਾਸਨ ਤੋਂ ਤੁਰੰਤ ਜਵਾਬ ਮੰਗਿਆ ਹੈ।

Exit mobile version