Punjab Religion

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਤੋਂ 25 ਨਵੰਬਰ ਤੱਕ ਹੋਣਗੇ ਸੂਬਾ ਪੱਧਰੀ ਸਮਾਗਮ, ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ

ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ 19 ਤੋਂ 25 ਨਵੰਬਰ 2025 ਤੱਕ ਮਨਾਏ ਜਾਣਗੇ। ਇਸ ਸਬੰਧੀ ਪਟਿਆਲਾ ਵਿਖੇ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ. ਅਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਧਾਇਕਾਂ, ਅਧਿਕਾਰੀਆਂ ਅਤੇ ਪਤਵੰਤਿਆਂ ਨਾਲ ਬੈਠਕ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਗਤ ਦੀ ਸਹੂਲਤ ਲਈ ਪ੍ਰਬੰਧਾਂ ਸਬੰਧੀ ਹਦਾਇਤਾਂ ਦਿੱਤੀਆਂ।

ਇਸ ਦੌਰਾਨ ਮੰਤਰੀਆਂ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਮੋਤੀ ਬਾਗ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਸੰਗਤ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਪੰਜਾਬ ਵਿੱਚ ਗੁਰੂ ਸਾਹਿਬ ਨਾਲ ਸਬੰਧਤ 135 ਅਸਥਾਨਾਂ ਵਿੱਚੋਂ 35 ਪਟਿਆਲਾ ਵਿੱਚ ਹਨ, ਜਿਨ੍ਹਾਂ ਦੇ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ।

ਸ਼ਹੀਦੀ ਸਮਾਗਮਾਂ ਵਿੱਚ ਸਰਵ ਧਰਮ ਸੰਮੇਲਨ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਕਵੀ ਦਰਬਾਰ, ਢਾਡੀ, ਅਤੇ ਲਾਈਟ ਐਂਡ ਸਾਊਂਡ ਸ਼ੋਅ ਵੀ ਸ਼ਾਮਲ ਹੋਣਗੇ। ਚਾਰ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪਹੁੰਚਣਗੀਆਂ। ਸੰਗਤ ਦੀ ਸਹੂਲਤ ਲਈ ਟੈਂਟ ਸਿਟੀ, ਈ-ਰਿਕਸ਼ਾ, ਅਤੇ ਸ਼ਹਿਰਾਂ ਦੀ ਸਜਾਵਟ ਦੇ ਵੀ ਪੁਖ਼ਤਾ ਪ੍ਰਬੰਧ ਹੋਣਗੇ।

ਦੱਸ ਦੇਈਏ ਸ਼ਹੀਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਮਾਨ ਸਰਕਾਰ ਨੇ ਪੰਜਾਬ ਦੀ ਜਨਤਾ ਕੋਲੋਂ ਵੀ ਸੁਝਾਵਾਂ ਦੀ ਮੰਗ ਕੀਤੀ ਹੈ। ਇਸ ਦੇ ਲਈ ਵੱਟ੍ਹਸਐਪ ਨੰਬਰ, ਈਮੇਲ ਅਤੇ ਵੈਬਸਾਈਟ ਦਿੱਤੇ ਗਏ ਹਨ।