ਬਿਊਰੋ ਰਿਪੋਰਟ (ਚੰਡੀਗੜ੍ਹ, 31 ਅਕਤੂਬਰ 2025): ਚੰਡੀਗੜ੍ਹ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਨਮ ਜਯੰਤੀ ਦੇ ਮੌਕੇ ਰਨ ਫਾਰ ਯੂਨਿਟੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਮਾਮਲਿਆਂ ਬਾਰੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਅੱਜ ਨਸ਼ਾ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਵੱਡੀ ਸਮੱਸਿਆ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ੇ ਦੇ ਮਾਮਲਿਆਂ ਵਿੱਚ ਨੰਬਰ-1 ਸੂਬਾ ਬਣ ਗਿਆ ਹੈ, ਜੋ ਚਿੰਤਾਜਨਕ ਗੱਲ ਹੈ।
ਰਾਜਪਾਲ ਨੇ ਕਿਹਾ ਕਿ ਜੇਕਰ ਸਾਡੀ ਨੌਜਵਾਨ ਪੀੜ੍ਹੀ ਕਮਜ਼ੋਰ ਹੋ ਗਈ ਤਾਂ ਮਜ਼ਬੂਤ ਭਾਰਤ ਦਾ ਸੁਪਨਾ ਅਧੂਰਾ ਰਹਿ ਜਾਵੇਗਾ। ਉਨ੍ਹਾਂ ਜ਼ੋਰ ਦਿੱਤਾ ਕਿ ਜੇ ਸਰਕਾਰ, ਸਮਾਜਿਕ ਸੰਗਠਨ ਅਤੇ ਧਾਰਮਿਕ ਗੁਰੂ ਇਕੱਠੇ ਹੋ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ, ਤਾਂ ਨਸ਼ੇ ’ਤੇ ਰੋਕ ਲਗਾਉਣਾ ਸੰਭਵ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ ਸਰਕਾਰ ਨੇ ਕਈ ਏਜੰਸੀਆਂ ਵਿਰੁੱਧ ਕੜੀ ਕਾਰਵਾਈ ਕੀਤੀ ਹੈ ਅਤੇ ਇਹ ਯਤਨ ਅਗੇ ਵੀ ਜਾਰੀ ਰਹਿਣਗੇ। ਕਟਾਰੀਆ ਨੇ ਕਿਹਾ ਕਿ ਜੇ ਅਸੀਂ ਮਿਲਜੁਲ ਕੇ ਮਿਹਨਤ ਕਰੀਏ ਤਾਂ ਸਫਲਤਾ ਅੱਜ ਨਹੀਂ ਤਾਂ ਕੱਲ੍ਹ ਜ਼ਰੂਰ ਮਿਲੇਗੀ।


 
																		 
																		 
																		 
																		 
																		