‘ਦ ਖ਼ਾਲਸ ਬਿਊਰੋ : ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਦੀ ਅਗਵਾਈ ਹੇਠ 10 ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ ਗਿਆ ਹੈ ਅਤੇ ਮੁਹਾਲੀ ਵਿੱਚ ਸਥਿਤ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਮੈਦਾਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਵੱਲੋਂ YPS ਚੌਂਕ ਤੱਕ ਰੋਸ ਮਾਰਚ ਵੀ ਕੱਢਿਆ ਗਿਆ। ਵਿਦਿਆਰਥੀ ਜਥੇਬੰਦੀਆਂ ਨੂੰ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵੀ ਸਮਰਥਨ ਮਿਲਿਆ ਹੈ। ਵਿਦਿਆਰਥੀ ਜਥੇਬੰਦੀਆਂ ਵੱਲੋਂ ਨਾਅਰਾ ਲਗਾਇਆ ਜਾ ਰਿਹਾ ਹੈ ਕਿ “ਮਿੱਠੀ ਧੁਨ ਰਬਾਬ ਦੀ, ਪੰਜਾਬ ਯੂਨੀਵਰਸਿਟੀ ਪੰਜਾਬ ਦੀ।” ਵਿਦਿਆਰਥੀਆਂ ਵੱਲੋਂ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।


ਵਿਦਿਆਰਥੀ ਜਥੇਬੰਦੀਆਂ ਦੀ ਮੰਗ ਹੈ ਕਿ ਪੰਜਾਬ ਯੂਨੀਵਰਸਿਟੀ ਉੱਤੇ ਪੰਜਾਬ ਦਾ ਪੂਰਾ ਹੱਕ ਬਹਾਲ ਕਰਕੇ ਇਸਨੂੰ ਸੂਬਾਈ ਯੂਨੀਵਰਸਿਟੀ ਦਾ ਦਰਜਾ ਦਿੱਤਾ ਜਾਵੇ। ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਕਰਨ ਵਾਲੀ ਕੌਮੀ ਸਿੱਖਿਆ ਨੀਤੀ 2020 ਨੂੰ ਵਿਧਾਨ ਸਭਾ ਵਿੱਚ ਰੱਦ ਕਰਕੇ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਣ ਦੀ ਮੰਗ ਵੀ ਕੀਤ ਗਈ ਹੈ। ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸਭ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਨੂੰ ਚੁੱਕਣ ਦੀ ਮੰਗ ਵੀ ਕੀਤੀ ਗਈ ਹੈ।


ਸਮੇਂ ਦੀ ਸਰਕਾਰ ਇਸ ਵਿਰਾਸਤੀ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਅਤੇ ਜਮਹੂਰੀ ਢਾਂਚੇ ਨੂੰ ਤਬਾਹ ਕਰਨ ਉੱਤੇ ਤੁਲੀ ਹੋਈ ਹੈ। ਇਹ ਪਹਿਲੀ ਵਾਰ ਨਹੀਂ ਕਿ ਯੂਨੀਵਰਸਿਟੀ ਕੇਂਦਰੀ ਦਰਜਾ ਦੇਣ ਦੇ ਨਾਂ ਹੇਠ ਪੰਜਾਬ ਤੋਂ ਖੋਹਿਆ ਜਾਣ ਲੱਗਾ ਹੈ। ਇਸ ਤੋਂ ਪਹਿਲਾਂ ਵੀ ਯੂਨੀਵਰਸਿਟੀ ਨੂੰ ਕੇਂਦਰ ਹਵਾਲੇ ਕਰਨ ਦੀ ਗੱਲ ਤੁਰੀ ਸੀ ਪਰ ਪੰਜਾਬੀਆਂ ਨੇ ਸਾਜਿਸ਼ ਨੂੰ ਸਫਲ ਨਾ ਹੋਣ ਦਿੱਤਾ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਚਾਲੀ ਫੀਸਦੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਹੁਣ ਫੇਰ ਯੂਨੀਵਰਸਿਟੀ ਨੂੰ ਕੇਂਦਰ ਹਵਾਲੇ ਕਰਨ ਦੀਆਂ ਸਾਜਿਸ਼ਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

