Punjab

ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰੰਧਾਵੇ ਨੇ ਪੇਸ਼ ਕੀਤਾ ਪਹਿਲਾ ਮਤਾ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਡਿਪਟੀ ਸੀਐੱਮ ਸੁੱਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਘਟਾਉਣ ਦਾ ਮਤਾ ਪੇਸ਼ ਕੀਤਾ ਹੈ। ਵਿਧਾਨ ਸਭਾ ‘ਚ ਪੰਜਾਬ ਸਰਕਾਰ ਕੇਂਦਰੀ ਖੇਤੀ ਸੁਧਾਰ ਕਾਨੂੰਨ ਨੂੰ ਰੱਦ ਕਰਨ ਦਾ ਪ੍ਰਸਤਾਵ ਵੀ ਲਿਆ ਰਹੀ ਹੈ। ਇਸ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ 2013 ਵਿੱਚ ਬਣਾਏ ਗਏ ਪੰਜਾਬ ਕੰਟਰੈਕਟ ਫਾਰਮਿੰਗ ਐਕਟ ਨੂੰ ਵੀ ਰੱਦ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ, ਜਦਕਿ ਆਮ ਆਦਮੀ ਪਾਰਟੀ ਦੇ ਵਿਧਾਇਕ, ਐੱਮਐੱਲਏ ਹੋਸਟਲ ਤੋਂ ਵਿਧਾਨ ਸਭਾ ਪੈਦਲ ਮਾਰਚ ਕਰਕੇ ਗਏ।

ਸਭ ਤੋਂ ਵੱਡਾ ਪ੍ਰਸਤਾਵ ਕਰਮਚਾਰੀਆਂ ਨੂੰ ਪੱਕਾ ਕਰਨਾ ਹੋਵੇਗਾ। ਪਿਛਲੀ ਕੈਬਨਿਟ ਵਿੱਚ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ 36 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਹਾਲਾਂਕਿ, ਉਹ ਕਰਮਚਾਰੀ ਕੌਣ ਹੋਣਗੇ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਪੰਜਾਬ ਵਿੱਚ ਠੇਕੇ ਦੇ ਕਾਮੇ ਜ਼ਿਆਦਾ ਹਨ। ਅਜਿਹੇ ‘ਚ ਇਸ ਦਾ ਵੇਰਵਾ ਮਿਲਣ ਤੋਂ ਬਾਅਦ ਹੰਗਾਮਾ ਵਧ ਸਕਦਾ ਹੈ।

ਪੰਜਾਬ ਦੇ ਦੋਨੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਇਸ ਸੈਸ਼ਨ ਤੋਂ ਗੈਰਹਾਜ਼ਿਰ ਰਹੇ ਹਨ।