ਤਰਨਤਾਰਨ : ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਿਲਾ ਤਰਨਤਾਰਨ ਵਿਖੇ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਆਪਣੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਪਾਸੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 10,000 ਰੁਪਏ ‘ਚ ਤੈਅ ਹੋਇਆ ਸੀ।
ਉਸ ਦੀ ਸ਼ਿਕਾਇਤ ‘ਤੇ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਬਿਉਰੋ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।