Punjab

ਸਾਬਕਾ ਮੰਤਰੀ ਬਲਬੀਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵੱਲੋਂ ਕੀਤਾ ਗਿਆ ਤਲਬ

Punjab Vigilance Bureau summoned former minister Balbir Sidhu

ਮੁਹਾਲੀ : ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ 21 ਅਪ੍ਰੈਲ ਨੂੰ ਵਿਜੀਲੈਂਸ ਦੇ ਮੁੱਖ ਦਫ਼ਤਰ ਵਿਖੇ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਇਹ ਨੋਟਿਸ ਜਾਰੀ ਹੋਇਆ ਹੈ।

ਬਿਊਰੋ ਨੇ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਬਲਬੀਰ ਸਿੱਧੂ ਤੇ ਉਨ੍ਹਾਂ ਦੇ ਭਰਾ ਅਤੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਖਿਲਾਫ਼ ਪਿਛਲੇ ਛੇ ਮਹੀਨਿਆਂ ਤੋਂ ਜਾਂਚ ਆਰੰਭੀ ਹੋਈ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਵਿਜੀਲੈਂਸ ਦੀ ਮੁੱਢਲੀ ਰਿਪੋਰਟ ਮੁਤਾਬਕ ਬਿਊਰੋ ਨੇ ਮੁਹਾਲੀ ਦੇ ਮੇਅਰ ਵੱਲੋਂ ਬਣਾਈਆਂ ਨਾਮੀ ਬੇਨਾਮੀ ਜਾਇਦਾਦਾਂ ਦੀ ਸੂਚੀ ਹੀ ਤਿਆਰ ਨਹੀਂ ਕੀਤੀ ਸਗੋਂ ਜ਼ਮੀਨਾਂ ’ਤੇ ਕਬਜ਼ੇ, ਮੁਹਾਲੀ ਨਗਰ ਨਿਗਮ ਵੱਲੋਂ ਕੀਤੇ ਵਿਕਾਸ ਕਾਰਜਾਂ ਵਿੱਚ ਗੜਬੜੀਆਂ ਅਤੇ ਹੋਰ ਤੱਥ ਵੀ ਇਕੱਤਰ ਕੀਤੇ ਹਨ।

ਖ਼ਬਰ ਮੁਤਾਬਕ ਸਿੱਧੂ ਭਰਾਵਾਂ ਖਿਲਾਫ਼ ਜਾਂਚ ਲਈ ਸਰਕਾਰ ਨੇ ਪਿਛਲੇ ਸਾਲ ਨਵੰਬਰ ’ਚ ਹੀ ਹਰੀ ਝੰਡੀ ਦੇ ਦਿੱਤੀ ਸੀ। ਉਸ ਤੋਂ ਬਾਅਦ ਜਿਵੇਂ ਹੀ ਸਿੱਧੂ ਪਰਿਵਾਰ ਦੀਆਂ ਜਾਇਦਾਦਾਂ ਦਾ ਵੇਰਵਾ ਲੰਮਾ ਹੁੰਦਾ ਗਿਆ ਤਾਂ ਵਿਜੀਲੈਂਸ ਨੇ ਮੇਅਰ ਜੀਤੀ ਵੱਲੋਂ ਬਣਾਈਆਂ ਜਾਇਦਾਦਾਂ ਦੀ ਜਾਂਚ ਵੀ ਆਰੰਭ ਦਿੱਤੀ। ਰਿਪੋਰਟ ਮੁਤਾਬਕ ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿੱਧੂ ਭਰਾਵਾਂ ਨੇ ਆਪਣੇ ਸਰਕਾਰੀ ਰੁਤਬੇ ਦੀ ਦੁਰਵਰਤੋਂ ਕਰਕੇ ਮੁਹਾਲੀ, ਰੋਪੜ, ਬਰਨਾਲਾ ਤੇ ਬਠਿੰਡਾ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ’ਚ ਜਾਇਦਾਦਾਂ ਬਣਾਈਆਂ।

ਮੁਹਾਲੀ ਤੋਂ ਤਿੰਨ ਵਾਰ ਵਿਧਾਇਕ ਰਹੇ

ਜ਼ਿਕਰਯੋਗ ਹੈ ਕਿ ਕਾਂਗਰਸ ਦੀ ਸਰਕਾਰ ਸਮੇਂ ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਰਹੇ ਹਨ। ਸਾਲ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਕਾਂਗਰਸ ਵੱਲੋਂ ਚੋਣ ਲੜੇ ਸਨ। ਇਸ ਚੋਣ ਵਿੱਚ ਉਹ ਹਾਰ ਗਏ ਸਨ। ਇਸ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਇਨ੍ਹਾਂ ਖਿਲਾਫ਼ ਚੱਲ ਰਹੀ ਜਾਂਚ

ਵਿਜੀਲੈਂਸ ਵੱਲੋਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਮੂਲੀਅਤ ਕਰਨ ਵਾਲੇ ਤੀਜੇ ਸਾਬਕਾ ਮੰਤਰੀ ਖਿਲਾਫ਼ ਜਾਂਚ ਆਰੰਭੀ ਗਈ ਹੈ। ਇਸ ਤੋਂ ਪਹਿਲਾਂ ਸ਼ਾਮ ਸੁੰਦਰ ਅਰੋੜਾ ਵਿਜੀਲੈਂਸ ਦੇ ਕਾਬੂ ਆ ਚੁੱਕੇ ਹਨ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਰੁਧ ਵਿਜੀਲੈਂਸ ਵੱਲੋਂ ਇਸੇ ਤਰ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਅਖ਼ਬਾਰ ਮੁਤਾਬਕ ਇਸ ਸਬੰਧੀ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ‘ਮੈਂ ਜਲੰਧਰ ਚੋਣਾਂ ਵਿੱਚ ਰੁਝਿਆ ਹੋਇਆ ਹਾਂ। ਮੈਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।’