ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਇਸੇ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ 13 ਤੋਂ 15 ਅਪ੍ਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਯੂਪੀ ਸਣੇ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜ੍ਹੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਹਿਮਾਚਲ ਦੇ ਕਈ ਜਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।
ਪੰਜਾਬ ਵਿੱਚ ਵੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਖਾਸ ਕਰਕੇ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਇਸ ਅਲਰਟ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ ਕਿਉਂਕਿ ਕਣਕ ਦੀ ਕਟਾਈ ਵਿੱਚ ਪਹਿਲਾਂ ਹੀ ਦੇਰੀ ਹੋ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਗੜ੍ਹੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਡਰ ਵੀ ਸਤਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਬਾਰਿਸ਼ ਨਾਲ ਫਸਲਾਂ ਦਾ ਨੁਕਸਾਨ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ – ਕਿਸਾਨਾਂ ਦੀ ਸਰਕਾਰ ਨੂੰ ਵਾਰਨਿੰਗ, MSP C2+50 ਨਾਲ ਗਰੰਟੀ ਕਾਨੂੰਨ ਲਾਗੂ ਹੋਣਾ ਚਾਹੀਦਾ
ਮੌਸਮ ਵਿਭਾਗ ਦੇ ਮੁਤਾਬਕ ਇੱਕ ਸਰਗਰਮ ਪੱਛਮੀ ਗੜਬੜੀ 12 ਅਪ੍ਰੈਲ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 13 ਤੋਂ 15 ਅਪ੍ਰੈਲ ਤੱਕ ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਅਤੇ 12 ਤੋਂ 15 ਅਪ੍ਰੈਲ ਤੱਕ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਈਐਮਡੀ ਨੇ 13 ਅਤੇ 14 ਅਪ੍ਰੈਲ ਨੂੰ ਜੰਮੂ-ਕਸ਼ਮੀਰ ਅਤੇ 14 ਅਪ੍ਰੈਲ 2024 ਨੂੰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ।