ਪੰਜਾਬ ਦਾ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਕੱਲ੍ਹ ਤੋਂ ਅਗਲੇ 2 ਦਿਨ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਹ ਚੌਥੀ ਵਾਰ ਪੰਜਾਬ ਦਾ ਮੌਸਮ ਬਦਲ ਰਿਹਾ ਹੈ।
ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਤੇ ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਕੱਲ੍ਹ ਦਿਨ ਬੱਦਲਵਾਈ ਰਹਿ ਸਕਦੀ ਹੈ। ਇਸ ਦੌਰਾਨ ਹਲਕੀ ਗਰਜ ਅਤੇ ਬਿਜਲੀ ਦੇ ਨਾਲ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ। 27 ਅਪ੍ਰੈਲ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ ਤੇ ਇਸ ਦੌਰਾਨ ਤੇਜ਼ ਗਰਜ ਅਤੇ ਬਿਜਲੀ ਵੀ ਚਮਕੇਗੀ।
ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ। ਪਿਛਲੇ ਕੁਝ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਕੱਲ੍ਹ ਵੀ ਇਹੀ ਤਾਪਮਾਨ ਦਰਜ ਕੀਤਾ ਗਿਆ ਸੀ। ਪਰ ਘੱਟੋ-ਘੱਟ ਤਾਪਮਾਨ ਜੋ 20 ਡਿਗਰੀ ਸੈਲਸੀਅਸ ਤੋਂ ਉੱਪਰ ਚੱਲ ਰਿਹਾ ਸੀ। ਹੁਣ ਇਹ 17.8 ਡਿਗਰੀ ਤੱਕ ਘੱਟ ਗਿਆ ਹੈ। ਘੱਟੋ-ਘੱਟ ਤਾਪਮਾਨ ‘ਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਵੀ ਮੌਸਮ ਵਿੱਚ ਤਬਦੀਲੀ ਕਾਰਨ ਆਈ ਹੈ।
ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਵੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧਣ ਦੀ ਭਵਿੱਖਬਾਣੀ ਕੀਤੀ ਹੈ। ਇਸ ਮੁਤਾਬਕ ਭਲਕੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।