ਬਿਊਰੋ ਰਿਪੋਰਟ: ਭਾਰਤੀ ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ (21 ਅਤੇ 22 ਜੁਲਾਈ) ਲਈ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੋਮਵਾਰ ਨੂੰ ਸੂਬੇ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ਨੂੰ ਛੱਡ ਕੇ, ਕੱਲ੍ਹ ਕੋਈ ਭਾਰੀ ਮੀਂਹ ਨਹੀਂ ਪਿਆ, ਪਰ ਬੱਦਲਵਾਈ ਕਾਰਨ ਤਾਪਮਾਨ ਥੋੜ੍ਹਾ ਘੱਟ ਗਿਆ।
ਪਠਾਨਕੋਟ ਵਿੱਚ ਚੱਕੀ ਨਦੀ ਦੇ ਓਵਰਫਲੋਅ ਪਾਣੀ ਨਾਲ ਮਾਜਰਾ ਅਤੇ ਆਲੇ-ਦੁਆਲੇ ਦੇ ਪਿੰਡਾਂ ਨੂੰ ਸ਼ਹਿਰ ਨਾਲ ਜੋੜਨ ਵਾਲੀ ਸੜਕ ਵਹਿ ਗਈ। ਇਹ ਸੜਕ ਪਠਾਨਕੋਟ ਹਵਾਈ ਅੱਡੇ ਦਾ ਮੁੱਖ ਰਸਤਾ ਵੀ ਹੈ। ਪਿਛਲੇ ਸਾਲ ਵੀ ਇਸ ਸੜਕ ਨੂੰ ਨੁਕਸਾਨ ਪਹੁੰਚਿਆ ਸੀ।
ਇਸ ਦੇ ਨਾਲ ਹੀ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਕਿਹੜੇ ਜ਼ਿਲ੍ਹਿਆਂ ਵਿੱਚ ਪਵੇਗਾ ਭਾਰੀ ਮੀਂਹ
ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਰੂਪਨਗਰ ਵਿੱਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਯਾਨੀ ਭਾਰੀ ਮੀਂਹ ਪੈ ਸਕਦਾ ਹੈ।
ਦੂਜੇ ਪਾਸੇ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।