ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 3 ਦਿਨਾਂ ‘ਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ‘ਚ ਲਗਭਗ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਥਿਤੀ ਇਹ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.3 ਡਿਗਰੀ ਹੇਠਾਂ ਚਲਾ ਗਿਆ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਅੱਜ ਤੋਂ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਜਾਵੇਗਾ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬ ਦਾ ਘੱਟੋ-ਘੱਟ ਤਾਪਮਾਨ ਫਾਜ਼ਿਲਕਾ ਵਿੱਚ 20.5 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 26.1 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਲੁਧਿਆਣਾ ਵਿੱਚ 2.8 ਐਮਐਮ, ਗੁਰਦਾਸਪੁਰ ਵਿੱਚ 3.6 ਐਮਐਮ, ਫਾਜ਼ਿਲਕਾ ਵਿੱਚ 2.5 ਐਮਐਮ, ਪਠਾਨਕੋਟ ਵਿੱਚ 0.4 ਐਮਐਮ, ਫਰੀਦਕੋਟ ਅਤੇ ਅੰਮ੍ਰਿਤਸਰ ਵਿੱਚ 0.8 ਐਮਐਮ ਬਾਰਿਸ਼ ਦਰਜ ਕੀਤੀ ਗਈ।
ਇਸ ਦੇ ਨਾਲ ਹੀ ਅੱਜ ਪੰਜਾਬ ਦੇ 8 ਜ਼ਿਲ੍ਹਿਆਂ; ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਸੰਗਰੂਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵੈਸਟਰਨ ਡਿਸਟਰਬੈਂਸ ਦੀ ਗੱਲ ਕਰੀਏ ਤਾਂ ਪੰਜਾਬ ‘ਤੇ ਇਸ ਦਾ ਅਸਰ ਸ਼ਨੀਵਾਰ ਤੱਕ ਰਹਿਣ ਵਾਲਾ ਹੈ। ਪਰ ਅੱਜ ਤੋਂ ਹੀ ਪੰਜਾਬ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਹੈ। ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਕੱਲ੍ਹ ਦੇ ਮੁਕਾਬਲੇ ਅੱਜ ਲਗਭਗ 1 ਤੋਂ 2 ਡਿਗਰੀ ਦਾ ਵਾਧਾ ਹੋਵੇਗਾ। ਕੁਝ ਹੀ ਦਿਨਾਂ ‘ਚ ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ ਇਕ ਵਾਰ ਫਿਰ 44 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।