ਫਿਰੋਜ਼ਪੁਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇ ਨਾਲ ਪਾਕਿਸਤਾਨ ਗਏ ਪੰਜਾਬ ਦੇ ਸ਼ਰਧਾਲੂ ਸੁਖਦੇਵ ਸਿੰਘ ਵਾਸੀ ਝੋਕ ਟਹਿਲ ਸਿੰਘ (ਫਿਰੋਜ਼ਪੁਰ) ਦੀ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਤੇ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ ਵਾਪਿਸ ਪਰਤਿਆ ਹੈ।
ਮ੍ਰਿਤਕ ਸੁਖਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਾਪਸੀ ਮੌਕੇ ਜਿਵੇਂ ਹੀ ਉਹ ਭਾਰਤੀ ਸਰਹੱਦ ’ਚ ਦਾਖ਼ਲ ਹੋਏ, ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅੱਜ ਮ੍ਰਿਤਕ ਸੁਖਦੇਵ ਸਿੰਘ ਦੀ ਲਾਸ਼ ਉਨ੍ਹਾਂ ਦੇ ਘਰ ਪਿੰਡ ਝੋਕ ਟਹਿਲ ਸਿੰਘ ਵਿਖੇ ਲਿਆਂਦੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਯਾਤਰਾ ਬ੍ਰਾਂਚ ਦੇ ਅਧਿਕਾਰੀ ਪਲਵਿੰਦਰ ਸਿੰਘ ਮੁਤਾਬਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉੱਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਸ ਤੋਂ ਬਾਅਦ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਸਨ।