ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ਅਤੇ ਬਿਨਾਂ ਇਜਾਜ਼ਤ ਸਿਨੇਮਾ ਹਾਲ ਵਿੱਚ ਵੀਡੀਓ ਸ਼ੂਟ ਕਰਨ ਦੇ ਦੋਸ਼ ਹੇਠ ਦਰਜ ਐਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਪਟੀਸ਼ਨ ਦਾਇਰ ਕਰਦੇ ਹੋਏ ਭੁੱਲਰ ਨੇ ਕਿਹਾ ਸੀ ਕਿ ਇੱਕ ਵੀਡੀਓ ਸ਼ੂਟ ਦੇ ਸਬੰਧ ਵਿੱਚ ਉਸ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਪੁਲਿਸ ਮੁਤਾਬਕ ਇਹ ਵੀਡੀਓ ਸ਼ੂਟ ਕਰੋਨਾ ਨਿਯਮਾਂ ਦੇ ਖ਼ਿਲਾਫ਼ ਕੀਤਾ ਗਿਆ ਹੈ। ਪੁਲਿਸ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਸੀ ਜੋ ਕਿ ਧਾਰਾਵਾਂ ਦੇ ਵਿਰੁੱਧ ਹੈ।
ਪਟੀਸ਼ਨਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਪੁਲਿਸ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ ਜਦਕਿ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਮਾਮਲਾ ਸਬੰਧਿਤ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ‘ਤੇ ਹੀ ਦਰਜ ਕੀਤਾ ਜਾ ਸਕਦਾ ਹੈ।
ਇਹ ਐਫਆਈਆਰ ਨਿਰਧਾਰਿਤ ਵਿਵਸਥਾਵਾਂ ਦੀ ਉਲੰਘਣਾ ਕਰਕੇ ਦਰਜ ਕੀਤੀ ਗਈ ਹੈ। ਅਜਿਹੀ ਸਥਿਤੀ ਵਿੱਚ, ਪਟਿਆਲਾ ਪੁਲਿਸ ਵੱਲੋਂ ਜੁਲਾਈ 2020 ਵਿੱਚ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਨੂੰ ਝੂਠੀ ਕਰਾਰ ਦਿੰਦਿਆਂ ਹਾਈ ਕੋਰਟ ਨੇ ਇਸ ਨੂੰ ਅਤੇ ਇਸ ਨਾਲ ਸਬੰਧਿਤ ਸਾਰੀਆਂ ਐਫਆਈਆਰਜ਼ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।