ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਜਾਵੇਗੀ ਅਤੇ ਇਸ ਬਾਰੇ ਪੰਜਾਬ ਰਾਜ ਭਾਸ਼ਾ ਐਕਟ ਵਿਚ ਲੋੜੀਂਦੀ ਸੋਧ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਪਸਾਰ ਤੇ ਵਿਕਾਸ ਲਈ ਬੁਲਾਈ ਵਿਚਾਰ ਚਰਚਾ ਮਗਰੋਂ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਖ਼ੁਲਾਸਾ ਕੀਤਾ।
ਬੈਂਸ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਵਿਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਹੋਈ ਹੈ ਅਤੇ ਨਰਸਰੀ ਕਲਾਸਾਂ ’ਚ ਪੰਜਾਬੀ ਲਾਜ਼ਮੀ ਕਰਨ ਵਾਸਤੇ ਆਉਂਦੇ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜ ਭਾਸ਼ਾ ਐਕਟ ਵਿਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ। ਵਿਚਾਰ ਚਰਚਾ ’ਚ ਮੰਗ ਉੱਠੀ ਕਿ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਸਰਕਾਰ ਜਨੂੰਨੀ ਰਵੱਈਏ ਨਾਲ ਅੱਗੇ ਆਵੇ। ਇਸ ਮੌਕੇ ਹਵਾਲਾ ਦਿੱਤਾ ਗਿਆ ਕਿ ਪੰਜਾਬ ਰਾਜ ਭਾਸ਼ਾ ਐਕਟ ਦੀ ਧਾਰਾ ਪੰਜ ’ਚ ਪੰਜਾਬ ਵਿਧਾਨ ਸਭਾ ਵਿੱਚ ਬਣੇ ਕਾਨੂੰਨਾਂ ਆਦਿ ਨੂੰ ਅਨੁਵਾਦ ਕੀਤੇ ਜਾਣ ਦੀ ਵਿਵਸਥਾ ਹੈ ਪ੍ਰੰਤੂ ਕਈ ਦਹਾਕਿਆਂ ਮਗਰੋਂ ਵੀ ਸਰਕਾਰਾਂ ਨੇ ਇਸ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 21 ਫਰਵਰੀ ਤੱਕ ਸਰਕਾਰੀ ਤੇ ਨਿੱਜੀ ਅਦਾਰਿਆਂ ’ਤੇ ਸਾਈਨ ਬੋਰਡ ਪੰਜਾਬੀ ’ਚ ਲਿਖਣ ਦੀ ਹਦਾਇਤ ਕੀਤੀ ਹੋਈ ਹੈ। ਇਸ ਬਾਰੇ ਨੁਕਤਾ ਉੱਭਰਿਆ ਕਿ ਸਰਕਾਰ ਨੂੰ ਨਿੱਜੀ ਅਦਾਰਿਆਂ ’ਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ ਰਾਜ ਭਾਸ਼ਾ ਐਕਟ ਵਿਚ ਸੋਧ ਕਰਨੀ ਪਵੇਗੀ।
ਮੀਟਿੰਗ ’ਚ ਹਾਜ਼ਰ ਚਿੰਤਕਾਂ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ ਨਰਸਰੀ ਕਲਾਸਾਂ ’ਚ ਪੰਜਾਬੀ ਦੀ ਪੜ੍ਹਾਈ ਨਹੀਂ ਹੋ ਰਹੀ ਹੈ ਅਤੇ ਪ੍ਰਾਇਮਰੀ ਪੱਧਰ ਤੱਕ ਖ਼ਾਸ ਤੌਰ ’ਤੇ ਪੰਜਾਬੀ ਭਾਸ਼ਾ ’ਚ ਬੱਚਿਆਂ ਨੂੰ ਪਰਪੱਕ ਬਣਾਉਣ ਲਈ ਵਿਸ਼ੇਸ਼ ਉਪਰਾਲੇ ਹੋਣੇ ਚਾਹੀਦੇ ਹਨ। ਵਿਚਾਰ ਚਰਚਾ ਨੂੰ ਸਮੇਟਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਰਸਰੀ ਤੋਂ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੇ ਜਾਣ ਅਤੇ ਪੰਜਾਬ ਵਿਚ ਲਾਇਬਰੇਰੀ ਐਕਟ ਬਣਾਏ ਦੀ ਗੱਲ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਧਾਨ ਸਭਾ ਦੇ ਸੈਸ਼ਨਾਂ ਦੀ ਸਮੁੱਚੀ ਕਾਰਵਾਈ ’ਚ ਮਾਤ ਭਾਸ਼ਾ ਯਕੀਨੀ ਬਣਾਏ ਜਾਣ ਦਾ ਭਰੋਸਾ ਦਿੱਤਾ।
ਵਿਚਾਰ-ਚਰਚਾ ਦੌਰਾਨ ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ’ਚ ਪੰਜਾਬੀ ਭਾਸ਼ਾ ਲਾਗੂ ਕਰਾਉਣ, ਸੂਬੇ ਵਿੱਚ ਲਾਇਬਰੇਰੀ ਐਕਟ ਲਿਆਉਣ, ਪੰਜਾਬੀ ਨੂੰ ਰੁਜ਼ਗਾਰ ਨਾਲ ਜੋੜਨ, ਅਧਿਆਪਕਾਂ ਦੀ ਪੰਜਾਬੀ ਭਾਸ਼ਾ ਵਿੱਚ ਮੁਹਾਰਤ, ਪੰਜਾਬੀ ਭਾਸ਼ਾ ਦੇ ਸ਼ੁੱਧ ਅਨੁਵਾਦ, ਅਫ਼ਸਰਸ਼ਾਹੀ ਨੂੰ ਪੰਜਾਬੀ ਭਾਸ਼ਾ ਵਿਚ ਲਿਖਤ/ਪੜ੍ਹਤ ਕਰਨ, ਭਾਸ਼ਾਈ ਅਦਾਰਿਆਂ ਨੂੰ ਮਜ਼ਬੂਤ ਕਰਨ ਜਿਹੇ ਅਹਿਮ ਵਿਚਾਰ ਸਾਹਮਣੇ ਆਏ।
ਮੀਟਿੰਗ ਵਿੱਚ ਸ਼ਾਮਲ ਹੋਰ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਸੂਬਾ ਸਰਕਾਰ ਦੀ ਗੰਭੀਰਤਾ ’ਤੇ ਨਿਰਭਰ ਕਰਦੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰਿਆਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਗੰਭੀਰ ਹਨ। ਸੂਬਾ ਸਰਕਾਰ ਵੀ ਜ਼ੋਰਦਾਰ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ।