‘ਦ ਖ਼ਾਲਸ ਬਿਊਰੋ:- ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਮੌਤ ਦੇ ਮਾਮਲੇ ‘ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਵੀ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ‘ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਤੇ ਦਿਨ-ਦਿਹਾੜੇ ਕਤਲ ਹੋ ਰਹੇ ਹਨ ਤੇ ਕਿਤੇ ਲੁੱਟਾਂ ਖੋਹਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਭਿੱਖੀਵਿੰਡ ਵਿੱਚ ਹਫ਼ਤੇ ਵਿੱਚ ਤਿੰਨ ਕਤਲ ਹੋ ਚੁੱਕੇ ਹਨ।
ਬੀਤੇ ਦਿਨੀਂ ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਖ਼ੌਫ਼ਨਾਕ ਵਾਰਦਾਤ ਹੋਈ। ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਬੜੀ ਹੀ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ। 2 ਹਮਲਾਵਰਾਂ ਨੇ ਬਲਵਿੰਦਰ ਸਿੰਘ ‘ਤੇ ਇੱਕ ਤੋਂ ਬਾਅਦ ਇੱਕ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।