Khetibadi Punjab

ਪੰਜਾਬ ਵਿੱਚ ਕਣਕ ਦੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ

Purchase of wheat in Punjab from the first

ਚੰਡੀਗੜ੍ਹ : ਪੰਜਾਬ ਵਿੱਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਪ੍ਰਸ਼ਾਸ਼ਨ ਨੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਚੱਲੇਗੀ। ਇਸ ਸਬੰਧ ’ਚ ਸੀਐੱਮ ਮਾਨ ਨੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇ ਅਤੇ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਸੁਚਾਰੂ ਢੰਗ ਨਾਲ ਖ਼ਰੀਦ ਲਈ ਵਚਨਬੱਧ ਹੈ।


ਕੈਸ਼ ਕ੍ਰੈਡਿਟ ਲਿਮਟ ਨੂੰ ਪ੍ਰਵਾਨਗੀ

ਭਾਰਤੀ ਰਿਜ਼ਰਵ ਬੈਂਕ ਨੇ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਆਗਾਮੀ ਹਾੜੀ ਦੇ ਸੀਜ਼ਨ ਲਈ ਆਰਬੀਆਈ ਵੱਲੋਂ ਸੀਸੀਐੱਲ ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ’ਤੇ ਤਸੱਲੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਆਰਬੀਆਈ ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀਸੀਐੱਲ ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ, ਜਿਸ ਨਾਲ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ।

ਇੱਥੇ ਹੀ ਦੱਸ ਦਈਏ ਕਿ ਬੀਤੇ ਦਿਨੀਂ ਸੂਬੇ ਵਿੱਚ ਬੇਮੌਸਮੀ ਮੀਂਹ ਨੇ ਹਾੜੀ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ । ਗੜਿਆਂ ਕਾਰਨ ਕਣਕ ਦੀ ਫਸਲ ਵੀ ਵੱਡੇ ਪੱਧਰ ਉੱਤੇ ਖਰਾਬ ਹੋਣ ਦੀਆਂ ਖ਼ਬਰਾਂ ਹਨ।