India Punjab

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, 3 ਜ਼ਿਲ੍ਹਿਆਂ ਦਾ ਦੌਰਾ ਕਰਨਗੇ

ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ‘ਚ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਪਾਰਟੀ ਨੇ ਉਨ੍ਹਾਂ ਦੇ ਪੰਜਾਬ ਦੌਰੇ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਉਹ ਅੱਜ ਸਵੇਰ 9 ਵਜੇ ਅੰਮ੍ਰਿਤਸਰ ਪਹੁੰਚਣਗੇ। ਏਅਰਪੋਰਟ ਤੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਨਣ ਲਈ ਪਹੁੰਚਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਰਾਹੁਲ ਗਾਂਧੀ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਰਿਲੀਫ ਪੈਕੇਜ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਪੋਸਟ ਕਰਦੇ ਹੋਏ ਲਿਖਿਆ ਸੀ ਕਿ ਪੰਜਾਬ ‘ਚ ਹੜ੍ਹ ਨੇ ਭਿਆਨਕ ਤਬਾਹੀ ਮਚਾਈ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੀ ਸਥਿਤੀ ਵੀ ਬੇਹੱਦ ਚਿੰਤਾਜਨਕ ਹੈ।

ਅਜਿਹੇ ਮੁਸ਼ਕਿਲ ਸਮੇਂ ‘ਚ ਤੁਹਾਡਾ ਧਿਆਨ ਤੇ ਕੇਂਦਰ ਸਰਕਾਰ ਦੀ ਮਦਦ ਬਹੁੱਤ ਜ਼ਰੂਰੀ ਹੈ। ਹਜ਼ਾਰਾਂ ਪਰਿਵਾਰ ਆਪਣੇ ਘਰ, ਜੀਵਨ ਤੇ ਆਪਣਿਆਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਸੂਬਿਆਂ ‘ਚ ਖਾਸ ਤੌਰ ‘ਤੇ ਕਿਸਾਨਾਂ ਨੂੰ ਲਈ ਜਲਦ ਤੋਂ ਜਲਦ ਵਿਸ਼ੇਸ਼ ਰਿਲੀਫ ਪੈਕੇਜ ਦਾ ਐਲਾਨ ਕੀਤਾ ਜਾਵੇ ਤਾਂ ਜੋਂ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕੀਤਾ ਜਾਵੇ।

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਲਗਭਗ 2 ਹਜ਼ਾਰ 97 ਪਿੰਡ ਡੁੱਬ ਗਏ ਹਨ। ਹੁਣ ਤੱਕ 3 ਲੱਖ 88 ਹਜ਼ਾਰ 92 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਰਾਹਤ ਕਾਰਜ ਅਜੇ ਵੀ ਜਾਰੀ ਹਨ। 23 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।