ਪੰਜਾਬ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ। ਸੋਮਵਾਰ, 5 ਮਈ, 2025 ਨੂੰ, ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 8.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 9.2 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 33.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਹ ਤਬਦੀਲੀ ਵੈਸਟਨ ਡਿਸਟਰਬੈਂਸ (WD) ਅਤੇ ਸਥਾਨਕ ਮੌਸਮ ਪ੍ਰਣਾਲੀਆਂ ਦੇ ਕਾਰਨ ਹੈ। ਜੇਕਰ ਮੀਂਹ ਅਤੇ ਠੰਢੀਆਂ ਹਵਾਵਾਂ ਦਾ ਇਹ ਸਿਲਸਿਲਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪਿਛਲੇ 24 ਘੰਟਿਆਂ ਵਿੱਚ, ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 20 ਮਿਲੀਮੀਟਰ, ਪਠਾਨਕੋਟ ਵਿੱਚ 3 ਮਿਲੀਮੀਟਰ ਅਤੇ ਪਟਿਆਲਾ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਤਿੰਨ ਦਿਨ ਦੇ ਵਿਚਕਾਰ ਕੁਝ ਜ਼ਿਲ੍ਹਿਆਂ ਵਿੱਚ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਵਿੱਚ ਸੂਬੇ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਜਿਸ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਹਲਕਾ ਬੱਦਲਵਾਈ ਰਹੇਗੀ। ਇਸ ਤੋਂ ਇਲਾਵਾ ਦਿਨ ਸਮੇਂ ਮੀਂਹ ਪੈਣ ਦੀ ਵੀ ਉਮੀਦ ਹੈ। ਅਜਿਹੇ ਵਿੱਚ ਤਾਪਮਾਨ 23 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ਵਿੱਚ ਵੀ ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਵੀ ਉਮੀਦ ਹੈ। ਲੁਧਿਆਣਾ ਵਿੱਚ ਅੱਜ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ ਅਤੇ ਹਲਕਾ ਮੀਂਹ ਪੈਣ ਦੀ ਵੀ ਉਮੀਦ ਹੈ। ਤਾਪਮਾਨ 22 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।