ਪੰਜਾਬ ਵਿੱਚ ਨੌਟਪਾ ਦੌਰਾਨ ਵੀ ਮੌਸਮ ਬਦਲ ਰਿਹਾ ਹੈ। ਸੂਬੇ ਵਿੱਚ ਤਾਪਮਾਨ 2.7 ਡਿਗਰੀ ਵਧਿਆ ਹੈ, ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ 10 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੇਜ਼ ਹਵਾਵਾਂ ਲਈ ਗਰਜ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ 30 ਮਈ ਤੱਕ ਸੂਬੇ ਵਿੱਚ ਕਿਤੇ ਵੀ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ।ਇਸੇ ਤਰ੍ਹਾਂ ਬਠਿੰਡਾ ਵਿੱਚ ਤਾਪਮਾਨ 39.6 ਡਿਗਰੀ ਸੈਲਸੀਅਸ ਰਿਹਾ, ਜੋ ਕਿ ਬੀਤੇ ਦਿਨ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਹੈ। ਓਧਰ ਫਰੀਦਕੋਟ ਵਿੱਚ ਕਰੀਬ 38 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ ਕਰੀਬ 39 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਦਾ ਅਲਰਟ
ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ 5 ਦਿਨਾਂ ਲਈ ਮੌਸਮ ਵਿਗੜ ਸਕਦਾ ਹੈ। ਪ੍ਰਮੁੱਖ ਜ਼ਿਲ੍ਹੇ ਹੁਸ਼ਿਆਰਪੁਰ, ਗੁਰਦਾਸਪੁਰ, ਰੋਪੜ, ਨਵਾਂਸ਼ਹਿਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਹਨ। ਇਨ੍ਹਾਂ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮਾਲਵਾ ਇਲਾਕੇ ਦੇ ਮੋਗਾ, ਫਾਜ਼ਿਲਕਾ, ਮਾਨਸਾ, ਬਠਿੰਡਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ ਵਰਗੇ ਜ਼ਿਲ੍ਹਿਆਂ ਵਿੱਚ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹਾਲਾਂਕਿ ਇਹਨਾਂ ਜ਼ਿਲ੍ਹਿਆਂ ਦੇ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।