ਮੁਹਾਲੀ : ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਲੰਘੇ ਕੱਲ੍ਹ ਦੇਰ ਰਾਤ ਮੁਹਾਲੀ ਦੇ ਨਾਲ ਲੱਗਦਿਆਂ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਅੱਜ ਨੌਟਪਾ ਦਾ ਆਖਰੀ ਦਿਨ ਹੈ। ਇਹ ਦਿਨ, ਜਿਨ੍ਹਾਂ ਨੂੰ ਸਾਲ ਦੇ ਸਭ ਤੋਂ ਗਰਮ ਦਿਨ ਮੰਨਿਆ ਜਾਂਦਾ ਹੈ, 25 ਮਈ ਤੋਂ ਸ਼ੁਰੂ ਹੋਏ ਸਨ। ਪਰ ਪੰਜਾਬ ਵਿੱਚ ਨੌਟਪਾ ਦੇ ਆਖਰੀ ਦਿਨ ਵੀ ਗਰਮੀ ਦੀ ਲਹਿਰ ਦਾ ਕੋਈ ਖਾਸ ਪ੍ਰਭਾਵ ਨਹੀਂ ਪਿਆ।
ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਵਾਂਗ ਰਿਹਾ। ਇਸ ਦੌਰਾਨ ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।
2 ਜੂਨ (ਸੋਮਵਾਰ): 16 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫਿਰੋਜ਼ਪੁਰ ਵਿੱਚ ਹਨ੍ਹੇਰੀ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ।
3 ਜੂਨ (ਮੰਗਲਵਾਰ) : ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਜਲੰਧਰ, ਪਟਿਆਲਾ, ਬਠਿੰਡਾ, ਸੰਗਰੂਰ, ਮਾਨਸਾ, ਮੋਹਾਲੀ, ਹੁਸ਼ਿਆਰਪੁਰ, ਗੁਰਦਾਸਪੁਰ ਆਦਿ ਵਿੱਚ ਭਾਰੀ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
4 ਜੂਨ ਅਤੇ 5 ਜੂਨ: ਪੰਜਾਬ ਭਰ ਵਿੱਚ ‘ਕੋਈ ਚੇਤਾਵਨੀ’ ਜਾਰੀ ਨਹੀਂ ਕੀਤੀ ਗਈ। ਮੌਸਮ ਆਮ ਰਹਿਣ ਦੀ ਉਮੀਦ ਹੈ।