ਮੁਹਾਲੀ : ਪੰਜਾਬ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਅਤੇ ਮੌਸਮ ਵੀ ਸੁਹਾਵਨਾ ਹੋ ਗਿਆ ਹੈ। ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ।
ਕੁਝ ਇਲਾਕਿਆਂ ਵਿੱਚ ਹੀ ਬੱਦਲ ਛਾਏ ਰਹੇ
ਹੁਣ ਅਗਸਤ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਪਰ ਇਸ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਰਿਹਾ ਹੈ। ਹਾਲਾਂਕਿ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਜ਼ਰੂਰ ਪੈ ਰਿਹਾ ਹੈ। ਜਦੋਂਕਿ ਬਾਕੀ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 4.5, ਭਾਖੜਾ ਡੈਮ ਦੇ ਨਾਲ ਵਾਲੇ ਖੇਤਰ ਵਿੱਚ 2.5, ਮੋਗਾ ਵਿੱਚ 0.5 ਅਤੇ ਫਤਿਹਗੜ੍ਹ ਸਾਹਿਬ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਅਗਸਤ ਦੇ ਪਹਿਲੇ ਹਫ਼ਤੇ 9 ਜ਼ਿਲ੍ਹਿਆਂ ਵਿੱਚ 86 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਦੋਂ ਕਿ ਅੰਮ੍ਰਿਤਸਰ ਅਤੇ ਮੁਕਤਸਰ ਵਿੱਚ ਕ੍ਰਮਵਾਰ 63.2 ਅਤੇ 37.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।