India

ਹਿਮਾਚਲ ‘ਚ ਮੀਂਹ ਦਾ ਕਹਿਰ ! ਸ਼ਿਮਲਾ ‘ਚ ਕਈ ਥਾਵਾਂ ‘ਤੇ ਜ਼ਮੀਨ ਖਿਸਕੀ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਨੇ ਵਿਆਪਕ ਤਬਾਹੀ ਮਚਾਈ ਹੈ। ਸੋਮਵਾਰ ਰਾਤ ਨੂੰ ਸ਼ਿਮਲਾ ਵਿੱਚ ਹੋਈ ਮੋਹਲੇਧਾਰ ਬਾਰਿਸ਼ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਅਤੇ ਦਰੱਖਤ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ। ਸ਼ਿਮਲਾ ਦੇ ਹਿਮਲੈਂਡ, ਬੀਸੀਐਸ, ਮਹੇਲੀ ਸਮੇਤ ਹੋਰ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਨਾਲ ਨੁਕਸਾਨ ਹੋਇਆ, ਜਿਸ ਕਾਰਨ ਕਈ ਵਾਹਨ ਵੀ ਤਬਾਹ ਹੋਏ। ਦਰੱਖਤ ਡਿੱਗਣ ਨਾਲ ਰਾਸ਼ਟਰੀ ਰਾਜਮਾਰਗਾਂ ਸਮੇਤ ਕਈ ਸੜਕਾਂ ਬੰਦ ਹੋ ਗਈਆਂ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ।

ਮੰਗਲਵਾਰ ਸਵੇਰੇ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ ਗਤੀਵਿਧੀ ਜਾਰੀ ਰਹੇਗੀ ਅਤੇ ਬਿਲਾਸਪੁਰ, ਕਾਂਗੜਾ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਭਾਰੀ ਬਾਰਿਸ਼ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਬੰਦ ਸੜਕਾਂ ਨੂੰ ਖੋਲ੍ਹਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਤਾਂ ਜੋ ਜਨਜੀਵਨ ਜਲਦੀ ਬਹਾਲ ਹੋ ਸਕੇ। ਲੋਕਾਂ ਨੂੰ ਸੁਚੇਤ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।