Raja Warring

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਖਜ਼ਾਨੇ ਤੋਂ ਅਦਾਇਗੀਆਂ ’ਤੇ ਰੋਕ ਲਗਾਉਣ ਕਰਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਾ ਮਿਲਣ ਉੱਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸਰਕਾਰ ਅਗਸਤ ਮਹੀਨੇ ਵਿਚ 3000 ਕਰੋੜ ਦਾ ਕਰਜ਼ਾ ਲੈਣ ਤੋਂ ਬਾਅਦ ਵੀ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਨਹੀਂ ਪਾ ਰਹੀ ਸਰਕਾਰ ਤਾਂ ਸੂਬੇ ਦੇ ਵਿੱਤੀ ਹਾਲਾਤ ਬਹੁਤ ਹੀ ਖਰਾਬ ਹਨ।  ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਲੇ ਨੀਂ ਧੇਲਾ, ਕਰਦੀ ਫਿਰਦੀ  ਹੈ ਮੇਲਾ ਮੇਲਾ।

ਦਰਅਸਲ, ਪੰਜਾਬ ਸਰਕਾਰ ਨੇ ਸੂਬੇ ਦੀ ਵਿੱਤੀ ਸਥਿਤੀ ਵਿੱਚ ਲਗਾਤਾਰ ਸੁਧਾਰ ਦੇ ਦਾਅਵਿਆਂ ਦੌਰਾਨ ਇਹ ਰੋਕ ਲਗਾਈ ਹੈ। ਰੋਜ਼ਾਨਾ ਅਜੀਤ ਦੀ ਇਕ ਰਿਪੋਰਟ ਮੁਤਾਬਕ ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ ਹਨ, ਉਥੇ ਹੀ ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।