ਬਿਊਰੋ ਰਿਪੋਰਟ (ਨਵੀਂ ਦਿੱਲੀ, 6 ਨਵੰਬਰ 2025): ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਭਾਰਤ ਦੇ ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਉਹ ਬਿਨਾਂ ਕਿਸੇ ਵਿਰੋਧ ਦੇ ਰਾਜ ਸਭਾ ਲਈ ਚੁਣੇ ਗਏ ਸਨ।
ਇਸ ਸਹੁੰ ਚੁੱਕ ਸਮਾਗਮ ਦੇ ਨਾਲ ਹੀ ਸ੍ਰੀ ਗੁਪਤਾ ਦੀ ਸੰਸਦੀ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਉਦਯੋਗ, ਨਵੀਨਤਾ (Innovation) ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਆਪਣੇ ਵਿਆਪਕ ਤਜ਼ਰਬੇ ਦੀ ਵਰਤੋਂ ਰਾਸ਼ਟਰੀ ਨੀਤੀਆਂ ਦੇ ਨਿਰਮਾਣ ਅਤੇ ਪੰਜਾਬ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਕਰਨਗੇ।
ਪੰਜਾਬ ਤੋਂ ਬਣੇ ਸੱਤਵੇਂ ਮੈਂਬਰ
ਗੁਪਤਾ ਪੰਜਾਬ ਤੋਂ ਸੱਤਵੇਂ ਅਜਿਹੇ ਲੀਡਰ ਹਨ, ਜੋ ਰਾਜ ਸਭਾ ਵਿੱਚ ਪੰਜਾਬ ਦੀ ਗੱਲ ਰੱਖਣਗੇ। ਇਸ ਤੋਂ ਪਹਿਲਾਂ ਐਲ.ਪੀ.ਯੂ. ਦੇ ਚਾਂਸਲਰ ਅਸ਼ੋਕ ਮਿੱਤਲ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ‘ਆਪ’ ਆਗੂ ਰਾਘਵ ਚੱਢਾ, ਕਾਰੋਬਾਰੀ ਬਿਕਰਮਜੀਤ ਸਿੰਘ ਸਾਹਨੀ, ਸੰਦੀਪ ਪਾਠਕ ਅਤੇ ਸਮਾਜ ਸੇਵੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਰਾਜ ਸਭਾ ਮੈਂਬਰ ਬਣ ਚੁੱਕੇ ਹਨ।
ਇਸ ਤੋਂ ਪਹਿਲਾਂ ਇਸ ਸੀਟ ’ਤੇ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ। ਉਨ੍ਹਾਂ ਦੇ ਲੁਧਿਆਣਾ ਪੱਛਮੀ ਸੀਟ ਤੋਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ।

