The Khalas Tv Blog Punjab ਬੇਅਦਬੀ ‘ਤੇ ਡੇਰਾ ਮੁਖੀ ਦੀ ਸੁਣਵਾਈ ਟਲੀ ਪਰ ਮੁਸ਼ਕਿਲ ਹੋਰ ਵਧੀ !
Punjab

ਬੇਅਦਬੀ ‘ਤੇ ਡੇਰਾ ਮੁਖੀ ਦੀ ਸੁਣਵਾਈ ਟਲੀ ਪਰ ਮੁਸ਼ਕਿਲ ਹੋਰ ਵਧੀ !

‘ਦ ਖ਼ਾਲਸ ਬਿਊਰੋ :- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਸਮੇਤ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਰਾਮ ਰਹੀਮ ਵੱਲੋਂ ਬੇਅਦਬੀ ਮਾਮਲੇ ਦੀ ਪੰਜਾਬ ਪੁਲਿਸ ਦੀ ਐਸਆਈਟੀ ਦੀ ਬਜਾਏ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਚਲਾਨ ਦੀ ਅਨੁਵਾਦਿਤ ਕਾਪੀ ਪੇਸ਼ ਕੀਤੀ।

ਪੰਜਾਬ ਦੇ ਐਡਵੋਕੇਟ ਜਨਰਲ ਦੇ ਦਿੱਲੀ ‘ਚ ਹੋਣ ਕਾਰਨ ਸਰਕਾਰ ਦੀ ਬੇਨਤੀ ‘ਤੇ ਹਾਈਕੋਰਟ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਤੈਅ ਕੀਤੀ ਹੈ। ਪੰਜਾਬ ਸਰਕਾਰ ਨੇ ਪਿਛਲੀ ਸੁਣਵਾਈ ‘ਤੇ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਜਵਾਬ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਆਦੇਸ਼ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਹੈ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਇਸ ਤਰ੍ਹਾਂ ਇਸ ਮੰਗ ਸਬੰਧੀ ਮੁੜ ਪਟੀਸ਼ਨ ਦਾਇਰ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਖਾਰਿਜ ਕਰਨ ਲਈ ਹਾਈਕੋਰਟ ਨੂੰ ਅਪੀਲ ਕੀਤੀ ਸੀ।

ਰਾਮ ਰਹੀਮ ਦੇ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਮਾਮਲੇ ਨੂੰ ਗੰਭੀਰ ਸਮਝਦੇ ਹੋਏ ਪੰਜਾਬ ਸਰਕਾਰ ਨੇ 2015 ਵਿੱਚ ਜਾਂਚ ਐਸਆਈਟੀ ਨੂੰ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਜਿਵੇਂ ਹੀ ਸਰਕਾਰ ਬਦਲੀ ਤਾਂ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਸੀਬੀਆਈ ਤੋਂ ਜਾਂਚ ਵਾਪਸ ਲੈ ਲਈ ਗਈ। ਵਕੀਲ ਨੇ ਕਿਹਾ ਕਿ ਇਕ ਦੋਸ਼ੀ ਦੇ ਬਿਆਨ ਦੇ ਆਧਾਰ ‘ਤੇ ਪਟੀਸ਼ਨਕਰਤਾ ਨੂੰ ਜਾਂਚ ‘ਚ ਸ਼ਾਮਲ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਹਾਈਕੋਰਟ ਦੇ ਦਖਲ ਤੋਂ ਬਾਅਦ ਪੰਜਾਬ ਪੁਲਿਸ ਨੂੰ ਸੁਨਾਰੀਆ ਜੇਲ੍ਹ ਤੋਂ ਹੀ ਪੁੱਛਗਿੱਛ ‘ਚ ਸ਼ਾਮਿਲ ਕੀਤਾ ਗਿਆ। ਰਾਮ ਰਹੀਮ ਨੇ ਕਿਹਾ ਕਿ ਉਸ ਨੂੰ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।

Exit mobile version