‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਲਾਤਕਾਰੀ ਅਤੇ ਕਾਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਸ਼ੁੱਕਰਵਾਰ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਹੋਵੇਗੀ। ਉਸਦਾ ਪ੍ਰੋਡਕਸ਼ਨ ਵਾਰੰਟ ਮਨਜ਼ੂਰ ਕਰ ਲਿਆ ਗਿਆ ਹੈ। ਬੇਅਦਬੀ ਮਾਮਲੇ ਵਿੱਚ SIT ਰਾਮ ਰਹੀਮ ਤੋਂ ਪੁੱਛਗਿਛ ਕਰਨਾ ਚਾਹੁੰਦੀ ਸੀ, ਜਿਸ ਲਈ ਐੱਸਆਈਟੀ ਨੇ ਪ੍ਰੋਡਕਸ਼ਨ ਵਾਰੰਟ ਮੰਗਿਆ ਸੀ। ਐੱਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ ਪਟੀਸ਼ਨ ਦਾਇੜ ਕੀਤੀ ਸੀ। ਐੱਫਆਈਆਰ ਨੰਬਰ 63 ਵਿੱਚ ਰਾਮ ਰਹੀਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਦੋਂ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ, ਉਦੋਂ ਇਸ ਐੱਫਆਈਆਰ ਦੇ ਤਹਿਤ ਰਾਮ ਰਹੀਮ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।
ਤੁਹਾਨੂੰ ਦੱਸ ਦਈਏ ਕਿ 18 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪੰਚਕੂਲਾ ਦੀ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਣੇ ਬਾਕੀ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 31 ਲੱਖ ਰੁਪਏ ਤੇ ਬਾਕੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ।